ਪੰਜਾਬ ਵਿੱਚ ਲਗਾਤਾਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਮੁਲਜ਼ਮਾਂ ਤੇ ਨਕੇਲ ਕੱਸਣ ਲਈ ਸੂਬਾ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ।
ਡੀਜੀਪੀ ਗੌਰਵ ਯਾਦਵ ਬੁੱਧਵਾਰ ਨੂੰ ਲੁਧਿਆਣਾ ਪੁੱਜੇ। ਉਨ੍ਹਾਂ ਇੱਥੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਫੀਡਬੈਕ ਲਿਆ ਅਤੇ ਭਵਿੱਖ ਵਿੱਚ ਅਪਰਾਧ ਨੂੰ ਕਾਬੂ ਕਰਨ ਬਾਰੇ ਗੱਲਬਾਤ ਕੀਤੀ। ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਵੀ ਦਿੱਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਮਹਿਕਮੇ ਵਿਚ ਬਹੁਤ ਛੇਤੀ 10 ਹਜ਼ਾਰ ਨਵੀਂ ਭਰਤੀ ਹੋਣ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਡੀਜੀਪੀ ਨੇ ਦੱਸਿਆ ਕਿ ਅੱਜ 14 ਨਵੀਆਂ ਪੀਸੀਆਰ ਗੱਡੀਆਂ ਲੁਧਿਆਣਾ ਲਈ ਰਵਾਨਾ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਵਾਹਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਵੀ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਅਤੇ ਅਪਰਾਧਾਂ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਦੋ ਸਾਲਾਂ ਵਿੱਚ 100 ਤੋਂ ਵੱਧ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਵਿੱਚ ਕਿਸੇ ਵੀ ਅਪਰਾਧੀ ਤੱਤ ਨੂੰ ਸਿਰ ਉੱਚਾ ਨਹੀਂ ਕਰਨ ਦਿੱਤਾ ਜਾਵੇਗਾ। ਪੁਲਿਸ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।
ਲੋਕਾਂ ਤੋਂ ਫੀਡਬੈਕ ਲਵੇਗੀ ਪੁਲਿਸ
ਡੀਜੀਪੀ ਨੇ ਕਿਹਾ ਕਿ ਹੁਣ ਪੰਜਾਬ ਪੁਲਿਸ ਲੋਕਾਂ ਵਿੱਚ ਜਾ ਕੇ ਉਨ੍ਹਾਂ ਤੋਂ ਫੀਡਬੈਕ ਲਵੇਗੀ, ਤਾਂ ਜੋ ਲੋਕਾਂ ਦਾ ਪੁਲਿਸ ਵਿੱਚ ਭਰੋਸਾ ਬਰਕਰਾਰ ਰਹੇ ਅਤੇ ਅਪਰਾਧਾਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ 24 ਘੰਟੇ ਚੌਕਸ ਰਹਿਣ ਅਤੇ ਨਾਕੇਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।