ਬੀਤੀ ਸ਼ਾਮ ਪੰਜਾਬ ਸਰਕਾਰ ਨੇ ਐਕਸ਼ਨ ਲੈਂਦੇ ਹੋਏ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਚੱਲ ਰਹੇ ਮੋਰਚਿਆਂ ਨੂੰ ਖਦੇੜ ਦਿੱਤਾ ਹੈ ਅਤੇ ਸਰਹੱਦਾਂ ਖਾਲੀ ਕਰਵਾ ਲਈਆਂ ਹਨ। ਕਿਸਾਨਾਂ ਨਾਲ ਕੀਤੇ ਗਏ ਧੱਕੇ ਦੇ ਵਿਰੋਧ ਵਿੱਚ ਅੱਜ (ਵੀਰਵਾਰ) ਵੱਡੀ ਗਿਣਤੀ ਵਿੱਚ ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਲੜੀ ਤਹਿਤ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਉੱਤੇ ਰਾਮਪੁਰਾ ਫੂਲ ਕੋਲ ਮੌੜ ਚੌਂਕ ਉੱਤੇ ਜਦੋਂ ਕਿਸਾਨਾਂ ਵੱਲੋਂ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪੁਲਿਸ ਥਾਣੇ ਲੈ ਗਈ ਟਰੈਕਟਰ
ਪੁਲਿਸ ਨੇ ਕਿਸਾਨਾਂ ਦੇ ਟਰੈਕਟਰ ਟਰਾਲੀ ਵੀ ਹਿਰਾਸਤ ਵਿੱਚ ਲੈ ਲਏ ਅਤੇ ਪੁਲਿਸ ਮੁਲਾਜ਼ਮ ਖੁਦ ਟਰੈਕਟਰ ਚਲਾ ਕੇ ਥਾਣੇ ਲੈ ਕੇ ਗਏ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ “ਉਨ੍ਹਾਂ ਦੇ ਆਗੂਆਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਕਿਸਾਨਾਂ ਉੱਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਜਿੰਨਾ ਸਮਾਂ ਉਨ੍ਹਾਂ ਦੇ ਆਗੂਆਂ ਨੂੰ ਪੰਜਾਬ ਸਰਕਾਰ ਵੱਲੋਂ ਰਿਹਾਅ ਨਹੀਂ ਕੀਤੇ ਜਾਂਦਾ, ਉਨਾਂ ਸਮਾਂ ਉਹ ਸੰਘਰਸ਼ ਇਸੇ ਤਰ੍ਹਾਂ ਕਰਦੇ ਰਹਿਣਗੇ ਭਾਵੇਂ ਪੁਲਿਸ ਉਨ੍ਹਾਂ ਨੂੰ ਜਿੰਨੀ ਵਾਰ ਮਰਜੀ ਹਿਰਾਸਤ ਵਿੱਚ ਲੈ ਲਵੇ।”
ਪੁਲਿਸ ਨੇ ਹਿਰਾਸਤ ਵਿੱਚ ਲਏ ਕਿਸਾਨ
ਦੂਸਰੇ ਪਾਸੇ ਸਬ ਡਿਵੀਜ਼ਨ ਫੂਲ ਦੇ ਡੀਐੱਸਪੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜੇਕਰ ਕੋਈ ਸੜਕ ਰੋਕਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਫਿਲਹਾਲ ਅਸੀਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਜਿਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਸ਼ੰਭੂ ਅਤੇ ਖਨੌਰੀ ਬਾਰਡਰ ਕਰਵਾਈ ਖਾਲੀ
ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਰੀਬ 13 ਮਹੀਨਿਆਂ ਤੋਂ ਧਰਨੇ ‘ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਖਿਲਾਫ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਦੋਹਾਂ ਸਰਹੱਦਾਂ ਤੋਂ ਹਟਾ ਦਿੱਤਾ ਹੈ। ਪੰਜਾਬ ਪੁਲਿਸ ਨੇ ਯੋਜਨਾਬੱਧ ਤਰੀਕੇ ਨਾਲ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਵਾਲੀਆਂ ਥਾਵਾਂ ਨੂੰ ਖਾਲੀ ਕਰਵਾਇਆ।
ਪੁਲਿਸ ਨੇ ਬੈਰੀਕੇਡਾਂ, ਵਾਹਨਾਂ ਅਤੇ ਅਸਥਾਈ ਢਾਂਚੇ ਨੂੰ ਹਟਾ ਦਿੱਤਾ ਹੈ। ਕਿਸਾਨਾਂ ਦੇ ਟੈਂਟ ਬੁਲਡੋਜ਼ਰਾਂ ਨਾਲ ਉਖਾੜ ਦਿੱਤੇ ਗਏ। ਕਰੀਬ 800 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸ਼ਾਮਿਲ ਹਨ।