ਅੱਜ ਖ਼ਜ਼ਾਨਾ ਮੰਤਰੀ ਵੱਲੋਂ ਬਜਟ ਪੇਸ਼ ਕੀਤਾ ਜਾਣਾ ਹੈ ਪਰ ਬਰਨਾਲਾ ਵਿੱਚ ਕਿਸਾਨ ਬਜਟ ਤੋਂ ਬੇਆਸ ਵਿਖਾਈ ਦੇ ਰਹੇ ਹਨ।
ਕੇਂਦਰ ਸਰਕਾਰ ਵੱਲੋਂ ਅੱਜ ਪਾਰਲੀਮੈਂਟ ਸੈਸ਼ਨ ਵਿੱਚ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਬਜਟ ਤੋਂ ਪੰਜਾਬ ਦੇ ਕਿਸਾਨਾਂ ਨੂੰ ਕੀ ਉਮੀਦਾਂ ਹਨ ਇਸ ਸਬੰਧੀ ਈਟੀਵੀ ਭਾਰਤ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ।
ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਇਸ ਬਜਟ ਤੋਂ ਕੋਈ ਖਾਸ ਉਮੀਦ ਦਿਖਾਈ ਨਹੀਂ ਦੇ ਰਹੀ ਪਰ ਫਿਰ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਸਾਰੀਆਂ ਫਸਲਾਂ ਉੱਪਰ ਐਮਐਸਪੀ ਦੇ ਗਰੰਟੀ ਕਾਨੂੰਨ ਅਤੇ ਕਰਜ਼ਾ ਮੁਆਫ਼ੀ ਸਮੇਤ ਹੋਰ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ।
ਬੇਆਸ ਹਨ ਕਿਸਾਨ
ਇਸ ਮੌਕੇ ਗੱਲਬਾਤ ਕਰਦਿਆਂ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਦਰਸ਼ਨ ਸਿੰਘ ਨੇ ਕਿਹਾ ਕਿ 2014 ਤੋਂ ਲੈ ਕੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਪਰ ਹੁਣ ਤੱਕ ਕਿਸੇ ਵੀ ਬਜਟ ਵਿੱਚ ਕਿਸਾਨਾਂ ਦਾ ਕੋਈ ਭਲਾ ਨਹੀਂ ਕੀਤਾ ਜਾ ਸਕਿਆ। ਉਹਨਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਂਦੀਆਂ ਹਨ ਪਰ ਕਿਸਾਨਾਂ ਲਈ ਕੋਈ ਖ਼ਾਸ ਨੀਤੀ ਨਹੀਂ ਬਣਾਈ ਜਾਂਦੀ।
ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੇ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਸੰਘਰਸ਼ ਕਰਦੇ ਰਹੇ। ਹੁਣ ਜਗਜੀਤ ਸਿੰਘ ਡੱਲੇਵਾਲ ਵੀ ਲੰਬੇ ਸਮੇਂ ਤੋਂ ਭੁੱਖ ਹੜਤਾਲ ਉੱਤੇ ਹਨ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਹੁਣ ਵੀ ਧਿਆਨ ਨਹੀਂ ਦੇ ਰਹੀ।
‘ਵਾਅਦਿਆਂ ਤੋਂ ਮੁਨਕਰ ਸਰਕਾਰ’
ਇਸ ਮੌਕੇ ਨਛੱਤਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਉਮੀਦ ਚੋਣਾਂ ਵੇਲੇ ਦਿੱਤੀ ਜਾਂਦੀ ਹੈ ਪਰ ਚੋਣਾਂ ਤੋਂ ਬਾਅਦ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲੈਂਦਾ। ਉਹਨਾਂ ਕਿਹਾ ਕਿ ਸਰਕਾਰਾਂ ਦੇ ਬਜਟ ਬਹੁਤ ਆਉਂਦੇ ਹਨ ਪਰ ਇਹ ਬਜਟ ਕਿਸਾਨਾਂ ਲਈ ਨਹੀਂ ਹੁੰਦੇ, ਬਲਕਿ ਬਜਟਾਂ ਵਿੱਚ ਧਨਾਡਾਂ ਨੂੰ ਫਾਇਦੇ ਦਿੱਤੇ ਜਾਂਦੇ ਹਨ।





