Rana Gurjit Singh ਸਿੰਘ ਨੇ ਚਿੰਤਾ ਪ੍ਰਗਟਾਉਂਦਿਆਂ ਸੁਝਾਅ ਦਿੱਤਾ ਕਿ ਵੀਜ਼ਾ ਸਹੂਲਤਾਂ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ।
ਪੰਜਾਬ ਦੇ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਚੱਲ ਰਹੇ ਟਕਰਾਅ‘ਤੇ ਚਿੰਤਾ ਪ੍ਰਗਟਾਉਂਦਿਆਂ ਇਸ ਉੱਤਰੀ ਅਮਰੀਕਾ ਦੇ ਦੇਸ਼ ਵਿੱਚ ਵੱਸਦੇ ਭਾਰਤੀਆਂ ਖਾਸ ਤੌਰ‘ਤੇ ਪੰਜਾਬੀਆਂ ਲਈ ਰਿਸ਼ਤਿਆਂ ਵਿੱਚ ਸੁਧਾਰ ਲਈ ਜ਼ੋਰਦਾਰ ਅਪੀਲ ਕੀਤੀ ਤਾਂ ਜ਼ੋ ਪੰਜਾਬੀਆਂ ਨੂੰ ਬਿਨਾਂ ਕਿਸੇ ਡਰ ਅਤੇ ਭੈਅ ਦੇ ਆਪਣਾ ਜੀਵਨ ਜਿਊਣ ਅਤੇ ਰੁਜ਼ਗਾਰ ਕਮਾਉਣ ਵਿੱਚ ਕੋਈ ਸਮਸਿਆ ਨਾ ਆਵੇ । ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਪੂਰੇ ਭਾਰਤ ਤੋਂ ਲੱਖਾਂ ਲੋਕ ਰਹਿੰਦੇ ਹਨ, ਜਿਨ੍ਹਾਂ ਵਿੱਚ ਨਾਗਰਿਕ, ਸਥਾਈ ਨਿਵਾਸੀ, ਵਿਦਿਆਰਥੀ ਅਤੇ ਵਰਕ ਵੀਜ਼ਾ ਸ਼ਾਮਲ ਹਨ। ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ ਦੀ ਖਟਾਸ ਉਨ੍ਹਾਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਚਿੰਤਾ ਦਾ ਕਾਰਨ ਬਣ ਰਹੀ ਹੈ। ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਇੱਕ ਰਿਪੋਰਟ ਦੇ ਅਨੁਸਾਰ ਕੈਨੇਡਾ ਵਿੱਚ 1.86 ਮਿਲੀਅਨ ਭਾਰਤੀ ਰਹਿੰਦੇ ਹਨ, ਜੋ ਕੈਨੇਡਾ ਦੇਸ਼ ਦੀ ਕੁੱਲ ਆਬਾਦੀ ਦਾ 5% ਹੈ। ਦੋਵਾਂ ਦੇਸ਼ਾਂ ਦੇ ਸਬੰਧ ਕਈ ਸਾਲਾਂ ਤੋਂ ਦੋਸਤਾਨਾ ਰਹੇ ਹਨ। ਪੰਜਾਬ ਦੇ ਦੁਆਬਾ ਖੇਤਰ ਤੋਂ, ਜਿਸ ਵਿੱਚ ਵਿਦੇਸ਼ਾਂ ਵਿੱਚ ਪ੍ਰਵਾਸੀਆਂ ਦੀ ਸਭ ਤੋਂ ਵੱਧ ਗਿਣਤੀ ਹੈ ਅਤੇ ਕੈਨੇਡਾ ਵਿੱਚ ਵੱਡਾ ਹਿੱਸਾ ਹੈ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਕੈਨੇਡਾ ‘ਵਿੱਚ ਰਹਿੰਦੇ ਬਹੁਤ ਸਾਰੇ ਪੰਜਾਬੀਆਂ ਅਤੇ ਭਾਰਤੀਆਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਦੇ ਵੀਜ਼ਾ ਅਤੇ ਦੋਹਾਂ ਦੇਸ਼ਾਂ ਵਿਚਾਲੇ ਯਾਤਰਾ ਨੂੰ ਲੈਕੇ ਫ਼ਿਕਰਮੰਦ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਪ੍ਰਵਾਸੀਆਂ ਨੂੰ ਪਰਿਵਾਰਕ ਸਮਾਗਮਾਂ ਜਾਂ ਹੋਰ ਸੰਕਟਮਈ ਹਾਲਾਤਾਂ ਦੇ ਕਾਰਨ ਥੋੜ੍ਹੇ ਸਮੇਂ ਦੇ ਨੋਟਿਸ ‘ਤੇ ਯਾਤਰਾ ਕਰਨ ਦੀ ਜ਼ਰੂਰਤ ਹੁੰਦੀ ਹੈ, ਵੀਜ਼ਾ ਅਤੇ ਯਾਤਰਾ ਦਸਤਾਵੇਜ਼ਾਂ ਦੀ ਪ੍ਰਕਿਰਿਆ ਕਰਨ ਲਈ ਬਹੁਤ ਘੱਟ ਸਮਾਂ ਬਚਦਾ ਹੈ,ਅਤੇ ਜੇਕਰ ਹਾਈ ਕਮਿਸ਼ਨ ਦਾ ਕੰਮ ਘੱਟ ਹੋ ਜਾਂਦਾ ਹੈ ਤਾਂ ਇਸ ਨਾਲ ਯਾਤਰੀਆਂ ਲਈ ਕਾਫੀ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਰਾਣਾ ਗੁਰਜੀਤ ਸਿੰਘ ਨੇ ਚਿੰਤਾ ਪ੍ਰਗਟਾਉਂਦਿਆਂ ਸੁਝਾਅ ਦਿੱਤਾ ਕਿ ਵੀਜ਼ਾ ਸਹੂਲਤਾਂ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਕਿਹਾ ਦੋਵਾਂ ਦੇਸ਼ਾਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ ਅਤੇ ਪ੍ਰਵਾਸੀਆਂ ਦੇ ਹਿੱਤ ਵੀ ਘੱਟ ਮਹੱਤਵਪੂਰਨ ਨਹੀਂ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਕਾਨੂੰਨ ਨਿਰਮਾਤਾਵਾਂ ਅਤੇ ਨੀਤੀ ਨਿਰਮਾਤਾਵਾਂ ਨੂੰ ਵੀ ਪ੍ਰਵਾਸੀਆਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਹਰ ਸਾਲ 10 ਬਿਲੀਅਨ ਡਾਲਰ ਦਾ ਵਪਾਰ ਹੁੰਦਾ ਹੈ ਅਤੇ ਜੇਕਰ ਦੋਵੇਂ ਦੇਸ਼ਾਂ ਵਿਚਾਲੇ ਸਬੰਧ ਵਿਗੜਦੇ ਹਨ ਤਾਂ ਵਪਾਰ ਅਤੇ ਕਾਰੋਬਾਰ ਨੂੰ ਨੁਕਸਾਨ ਹੋਵੇਗਾ, ਜਿਸ ਦਾ ਕਾਰੋਬਾਰੀਆਂ ਅਤੇ ਕਾਰੋਬਾਰੀ ਘਰਾਣਿਆਂ ਦੀ ਵਿੱਤੀ ਹਾਲਤ ‘ਤੇ ਮਾੜਾ ਅਸਰ ਪਵੇਗਾ।