ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਵੱਡੀ ਖ਼ਬਰ ਸਾਹਮਣੇ ਆਈ ਹੈ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸ਼ਰਧਾਲੂਆਂ ਦੀ ਸੁਰੱਖਿਆ ਸੰਬੰਧੀ ਇਹ ਵੱਡਾ ਫੈਸਲਾ ਲਿਆ ਗਿਆ ਹੈ। 491 ਸ਼ਰਧਾਲੂਆਂ ਨੂੰ ਕਰਤਾਰਪੁਰ ਲਾਂਘੇ ਤੋਂ ਪਾਕਿਸਤਾਨ ਜਾਣਾ ਸੀ। 60 ਸ਼ਰਧਾਲੂਆਂ ਨੂੰ ਮੌਕੇ ਤੋਂ ਵਾਪਸ ਭੇਜਿਆ ਗਿਆ ਹੈ।
ਅੱਤਵਾਦੀ ਮਸੂਦ ਅਜ਼ਹਰ ਦਾ ਪੂਰਾ ਪਰਿਵਾਰ ਖ਼ਤਮ
ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਸਰਜੀਕਲ ਸਟ੍ਰਾਈਕ ਕੀਤੀ ਹੈ। ਜਿਸ ਦੇ ਵਿੱਚ 100 ਤੋਂ ਵੱਧ ਅੱਤਵਾਦੀਆਂ ਦੇ ਮਾਰੇ ਦੀ ਖ਼ਬਰ ਹੈ। ਇਹ ਹਮਲਾ ਭਾਰਤੀ ਫੌਜਾਂ ਨੇ ਦੇਰ ਰਾਤ ਮੰਗਲਵਾਰ ਨੂੰ ਕੀਤਾ। ਇਸ ਆਪ੍ਰੇਸ਼ਨ ਨੂੰ ਸਿੰਦੂਰ ਦਾ ਨਾਂਅ ਦਿੱਤਾ ਗਿਆ। ਭਾਰਤ ਦੇ ਆਪ੍ਰੇਸ਼ਨ ਸਿੰਦੂਰ ਵਿੱਚ ਅੱਤਵਾਦੀ ਮਸੂਦ ਅਜ਼ਹਰ ਦਾ ਪੂਰਾ ਪਰਿਵਾਰ ਖਤਮ ਹੋ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਭਾਰਤ ਨੇ ਮਸੂਦ ਅਜ਼ਹਰ ਦੇ ਘਰ ਤੇ ਹਮਲਾ ਕੀਤਾ ਹੈ, ਜਿਸ ਵਿੱਚ 10 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਮਸੂਦ ਅਜ਼ਹਰ ਇਸ ਹਮਲੇ ਵਿੱਚ ਮਾਰਿਆ ਗਿਆ ਹੈ ਜਾਂ ਨਹੀਂ। ਮਸੂਦ ਅਜ਼ਹਰ ਨੇ ਵੀ ਇਸ ਬਾਰੇ ਬਿਆਨ ਵੀ ਜਾਰੀ ਕੀਤਾ ਹੈ। ਉਸਨੇ ਕਿਹਾ ਹੈ ਕਿ ਮੇਰੇ ਪਰਿਵਾਰ ਦੇ 10 ਲੋਕਾਂ ਦੀ ਮੌਤ ਹੋਈ ਹੈ।
ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਦੇ ਪ੍ਰੋਗਰਾਮ ਰੱਦ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਅੱਜ, ਬੁੱਧਵਾਰ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਅਤੇ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਸਨ। ਇਹ ਪ੍ਰੋਗਰਾਮ ਆਪ੍ਰੇਸ਼ਨ ਸਿੰਦੂਰ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੇ ਗਏ ਹਨ। ਇਹ ਪ੍ਰੋਗਰਾਮ ਅੱਜ ਸ਼ਾਮ 4 ਵਜੇ ਦੇ ਕਰੀਬ ਜਲੰਧਰ ਦੇ ਫਿਲੌਰ ਵਿੱਚ ਸਥਿਤ ਪਿੰਡ ਲਖਨਪਾਲ ਵਿਖੇ ਆਯੋਜਿਤ ਕੀਤਾ ਜਾਣਾ ਸੀ। ਪਰ ਪੰਜਾਬ ਦੀ ਸਥਿਤੀ ਨੂੰ ਦੇਖਦੇ ਹੋਏ, ਸੂਬਾ ਸਰਕਾਰ ਵੱਲੋਂ ਇਹ ਪ੍ਰੋਗਰਾਮ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਸੂਬੇ ਦੇ 5 ਜ਼ਿਲ੍ਹਿਆਂ ਦੇ ਸਕੂਲ ਬੰਦ
ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਸਕੂਲਾਂ ਨੂੰ ਬੰਦ ਕਰਨ ਦੇ ਹੁੱਕਮ ਜਾਰੀ ਕੀਤੇ ਗਏ ਹਨ। ਇਹ ਜ਼ਿਲ੍ਹੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਦਿੱਲੀ ਤੋਂ ਧਰਮਸ਼ਾਲਾ ਅਤੇ ਸ਼ਿਮਲਾ ਲਈ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ।