ਮਾਨਸਾ ਕੋਰਟ ਨੇ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਇੱਕ ਮਾਮਲੇ ਵਿੱਚ ਅੱਠ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਕੋਰਟ ਨੇ ਬੁੱਧਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ਦੀ ਮਾਨਸਾ ਜ਼ਿਲ੍ਹਾ ਅਦਾਲਤ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਇੱਕ ਗੈਂਗਸਟਰ ਅਤੇ ਇੱਕ ਬਰਖਾਸਤ ਪੁਲਿਸ ਅਧਿਕਾਰੀ ਨੂੰ ਸਜ਼ਾ ਅਤੇ ਜੁਰਮਾਨਾ ਕੀਤਾ ਹੈ।
2 ਸਾਲ ਦੀ ਕੈਦ
ਇਹ ਮਾਮਲਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਤ ਹੈ। ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਦੋ ਸਾਲ ਦੀ ਕੈਦ ਅਤੇ ਦੋ ਹਜ਼ਾਰ ਰੁਪਏ ਜੁਰਮਾਨਾ ਅਤੇ ਸੀਆਈਏ ਸਟਾਫ ਦੇ ਬਰਖਾਸਤ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਇੱਕ ਸਾਲ 11 ਮਹੀਨੇ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਠ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ।
ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਹੋਇਆ ਸੀ ਫਰਾਰ
ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਭੜਿਆ ਗਿਆ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ, 2020 ਨੂੰ CIA ਸਟਾਫ ਦੀ ਪੁਲਿਸ ਹਿਰਾਸਤ ਵਿੱਚੋਂ ਭਜ਼ ਗਿਆ ਸੀ। ਇਸ ਦਾ ਦੋਸ਼ CIA ਸਟਾਫ ਇੰਚਾਰਜ ਪ੍ਰਿਤਪਾਲ ਸਿੰਘ ਤੇ ਲੱਗਿਆ ਸੀ। ਇਸ ਘਟਨਾ ਤੋਂ ਤੁਰੰਤ ਬਾਅਦ ਡੀਜੀਪੀ ਪੰਜਾਬ (DGP Punjab) ਨੇ CIA ਸਟਾਫ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਨੌਕਰੀ ਤੋਂ ਕੱਢ ਦਿੱਤਾ ਸੀ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਬਿੱਟੂ ਤੋਂ ਇੱਕ ਗੈਰ-ਕਾਨੂੰਨੀ ਪਿਸਤੌਲ, ਚਿਰਾਗ ਤੋਂ ਦੋ ਅਤੇ ਪ੍ਰਿਤਪਾਲ ਸਿੰਘ ਦੇ ਘਰ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਸਨ।
ਇਹਨਾਂ ਲੋਕਾਂ ਨੂੰ ਕੀਤਾ ਬਰੀ
ਪੁਲਿਸ ਨੇ ਦੀਪਕ ਟੀਨੂੰ ਦੀ ਪ੍ਰੇਮਿਕਾ ਜਤਿੰਦਰ ਜੋਤੀ, ਦੀਪਕ ਟੀਨੂੰ ਦੇ ਭਰਾ ਚਿਰਾਗ, ਕੁਲਦੀਪ ਕੋਹਲੀ, ਬਿੱਟੂ, ਰਾਜਿੰਦਰ ਗੋਰਾ, ਸੁਨੀਲ ਲੋਹੀਆ, ਸਰਵਜੋਤ ਸਿੰਘ ਅਤੇ ਰਾਜਵੀਰ ਸਿੰਘ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਸੀ, ਪਰ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ।