ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 14 ਨੌਜਵਾਨਾਂ ਦੀ ਮੌਤ ਹੋ ਗਈ ਹੈ।
ਅੰਮ੍ਰਿਤਸਰ ਸਾਹਿਬ ਦੇ ਹਲਕਾ ਮਜੀਠਾ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਜੀਠਾ ਨੇੜਲੇ ਪਿੰਡ ਥਰੀਏਵਾਲ,ਮਰੜੀ ਤੇ ਭੰਗਾਲੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲੋਕਾਂ ਦੀ ਮੌਤ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਕਰੀਬ 14 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਕੁੱਝ ਲੋਕ ਅਜੇ ਵੀ ਗੰਭੀਰ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖਿਲ ਕਰਵਾਇਆ ਗਿਆ ਹੈ। ਸਥਾਨਕ ਲੋਕਾਂ ਅਨੁਸਾਰ ਮਰਾੜੀ ਕਲਾਂ ਪਿੰਡ ਵਿੱਚ ਹੀ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚੋਂ ਜ਼ਿਆਦਾਤਰ ਉਹ ਮਜ਼ਦੂਰ ਸਨ ਜੋ ਪਿੰਡਾਂ ਵਿੱਚ ਇੱਟਾਂ ਦੇ ਭੱਠਿਆਂ ‘ਤੇ ਕੰਮ ਕਰਦੇ ਸਨ।
ਪਰਿਵਾਰਾਂ ਵਿੱਚ ਹਫੜਾ-ਦਫੜੀ
ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਮਰਨ ਵਾਲਿਆਂ ਦੇ ਪਰਿਵਾਰਾਂ ਵਿੱਚ ਹਫੜਾ-ਦਫੜੀ ਹੈ। ਜ਼ਿਆਦਾਤਰ ਮੌਤਾਂ ਮਰਾੜੀ ਕਲਾਂ ਪਿੰਡ ਵਿੱਚ ਹੋਈਆਂ ਹਨ। ਬਹੁਤ ਸਾਰੇ ਲੋਕ ਅਜੇ ਵੀ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਹੇ ਹਨ। ਪ੍ਰਸ਼ਾਸਨ ਇਹ ਜ਼ਹਿਰੀਲੀ ਸ਼ਰਾਬ ਪੀਣ ਵਾਲੇ ਲੋਕਾਂ ਦੀ ਪਹਿਚਾਣ ਕਰਨ ਵਿੱਚ ਜੁਟਿਆ ਹੋਇਆ ਹੈ।
ਮੁੱਖ ਮੰਤਰੀ ਨੇ ਘਟਨਾ ਤੇ ਜਤਾਇਆ ਦੁੱਖ
ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ
ਘਟਨਾ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ। ਸੂਬਾ ਸਰਕਾਰ ਨੇ ਪੂਰੇ ਸੂਬੇ ਵਿੱਚ ਚੱਲ ਰਹੇ ਨਕਲੀ ਸ਼ਰਾਬ ਦੇ ਕਾਰੋਬਾਰ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜਦੋਂ ਕਿ ਮਜੀਠਾ ਮਾਮਲੇ ਵਿੱਚ ਹੁਣ ਤੱਕ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖਿਲਾਫ 105 BNS ਅਤੇ 61A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸੰਗਰੂਰ ਵਿੱਚ ਵੀ ਵਾਪਰਿਆ ਸੀ ਹਾਦਸਾ
ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਪਿਛਲੇ ਸਾਲ ਮਾਰਚ ਮਹੀਨੇ ਵਿੱਚ ਸੰਗਰੂਰ ਵਿੱਚ 21 ਦੇ ਕਰੀਬ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਗਈ ਸੀ। ਸੰਗਰੂਰ ਦੇ ਮਾਮਲੇ ਵਿੱਚ ਕਈ ਲੋਕਾਂ ਨੂੰ ਅੱਖਾਂ ਤੋਂ ਦਿਖਣਾ ਹੀ ਬੰਦ ਹੋ ਗਿਆ ਸੀ।
ਜਦੋਂ ਕਿ ਸਾਲ 2020 ਵਿੱਚ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 50 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਤਤਕਾਲੀ ਸਰਕਾਰ ਅਤੇ ਪ੍ਰਸ਼ਾਸਨ ਉੱਪਰ ਸਵਾਲ ਖੜ੍ਹੇ ਹੋਏ ਸਨ।