ਏਸੀਪੀ ਰੂਪਦੀਪ ਕੌਰ ਦੀ ਅਗਵਾਈ ਵਿੱਚ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਸੋਮਵਾਰ ਨੂੰ ਲੁਧਿਆਣਾ ਦੇ ਪੁਲਿਸ ਲਾਇਨਜ ਵਿਚ ਪੁਲਿਸ ਅਤੇ ਅਰਧ ਸੈਨਿਕ ਬਲਾ ਨਾਲ ਸੰਬੰਧਿਤ ਸ਼ਹੀਦਾਂ ਨੂੰ ਸ਼ਰਧਾ ਫੁੱਲ ਭੇਂਟ ਕੀਤੇ ਗਏ l ਇਸ ਮੌਕੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀl
ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਨ ।
ਉਨ੍ਹਾਂ ਕਿਹਾ ਕਿ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ, ਸਾਬਕਾ ਡੀਜੀਪੀ ਡੀਆਰ ਭੱਟੀ, ਗੁਰਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਏਸੀਪੀ ਰੂਪਦੀਪ ਕੌਰ ਦੀ ਅਗਵਾਈ ਵਿੱਚ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਏਸੀਪੀ (ਹੈੱਡਕੁਆਰਟਰ) ਰਵਿੰਦਰ ਸਿੰਘ ਢਿੱਲੋਂ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਵੀ ਪੜ੍ਹ ਕੇ ਸੁਣਾਈ ਗਈ।
ਪੁਲਿਸ ਕਮਿਸ਼ਨਰ ਨੇ ਯਾਦਗਾਰੀ ਦਿਵਸ ਦੀ ਇਤਿਹਾਸਿਕ ਮਹੱਤਤਾ ਬਾਰੇ ਦਿੱਤੀ ਜਾਣਕਾਰੀ
ਪੁਲਿਸ ਯਾਦਗਾਰੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਹ ਦਿਨ ਸਾਰੇ ਸੂਬਿਆਂ ਦੀ ਪੁਲਿਸ ਅਤੇ ਦੇਸ਼ ਭਰ ਵਿੱਚ ਨੀਮ ਫ਼ੌਜੀ ਬਲਾਂ ਵੱਲੋਂ ਸੀਆਰਪੀਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਚੀਨੀ ਫੌਜ ਦੁਆਰਾ ਕੀਤੇ ਗਏ ਹਮਲੇ ਦੌਰਾਨ ਹੌਟ ਸਪ੍ਰਿੰਗਜ਼ (ਲਦਾਖ) ਵਿਖੇ ਸ਼ਹੀਦੀ ਪ੍ਰਾਪਤ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਪੁਲਿਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ।
117 ਪੁਲਿਸ ਮੁਲਾਜ਼ਮਾਂ ਨੇ ਵਾਰੀਆਂ ਸਨ ਜਾਨਾਂ
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਲੁਧਿਆਣਾ ਪੁਲਿਸ ਦੇ ਕੁੱਲ 117 ਪੁਲਿਸ ਮੁਲਾਜ਼ਮਾਂ ਨੇ ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਹਨਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਹਨਾਂ ਦੇ ਪਰਿਵਾਰਾਂ ਨਾਲ ਖੜੀ ਹੈ, ਜੋ ਕਿ ਲੁਧਿਆਣਾ ਵਿੱਚ ਰਹਿ ਰਹੇ ਹਨ।
ਸ਼ਹੀਦਾਂ ਦੇ ਪਰਿਵਾਰਾਂ ਨੂੰ ਵੰਡੇ ਕੰਬਲ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੰਦਰੂਨੀ ਗੜਬੜੀਆਂ ਦਾ ਮੁਕਾਬਲਾ ਕਰਨ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ।
ਬਾਅਦ ਵਿਚ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੋਵਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੰਬਲ ਵੀ ਵੰਡੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸਮੂਹ ਜੁਆਇੰਟ ਸੀਪੀਜ਼, ਡੀਸੀਪੀਜ਼, ਏਡੀਸੀਪੀਜ਼, ਏਸੀਪੀਜ਼, ਐਸ.ਐਚ.ਓਜ਼, ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।