Wednesday, October 28, 2026
Google search engine
HomeDeshPunjab ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ...

Punjab ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ਦੀ ਰੀਅਲ-ਟਾਈਮ ਨਿਗਰਾਨੀ; ਹੋਰ ਕੀ ਨਿਰਦੇਸ਼?

ਚੰਡੀਗੜ੍ਹ ‘ਚ ਚੋਣ ਕਮਿਸ਼ਨ ਦੀ ਟੀਮ ਵੱਲੋਂ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਟੀਮ ਪੰਜਾਬ ਦੌਰੇ ‘ਤੇ ਹੈ। ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਐਕਸ਼ਨ ਮੋਡ ‘ਚ ਆ ਗਿਆ ਹੈ। ਕਮਿਸ਼ਨ ਨੇ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨੂੰ ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲਿਆਂ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸ਼ੱਕੀ ਲੈਣ-ਦੇਣ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਕਰਨ ਤੇ ਇਸ ਦੀ ਰਿਪੋਰਟ ਨਿਰਧਾਰਤ ਆਨਲਾਈਨ ਪੋਰਟਲ ‘ਤੇ ਅਪਲੋਡ ਕਰਨ ਲਈ ਕਿਹਾ ਗਿਆ ਹੈ।
ਚੰਡੀਗੜ੍ਹ ‘ਚ ਚੋਣ ਕਮਿਸ਼ਨ ਦੀ ਟੀਮ ਵੱਲੋਂ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਵੀ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਦੇ ਤਬਾਦਲੇ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ। ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਹੀ ਅਧਿਕਾਰੀਆਂ ਨੂੰ ਨਵੀਂ ਤਾਇਨਾਤੀ ਦਿੱਤੀ ਜਾ ਸਕੇਗੀ।

ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ‘ਤੇ ਨਜ਼ਰ

ਚੋਣ ਕਮਿਸ਼ਨ ਨੇ ਇਨਫੋਰਸਮੈਂਟ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ਨਾਲ ਜੁੜੀਆਂ ਸ਼ੱਕੀ ਗਤੀਵਿਧੀਆਂ ਦੀ 24 ਘੰਟੇ ਨਿਗਰਾਨੀ ਕੀਤੀ ਜਾਵੇ। ਸ਼ੱਕੀ ਲੈਣ-ਦੇਣ ਵਾਲੇ ਖਾਤਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਰਿਕਾਰਡ ਤਿਆਰ ਕੀਤਾ ਜਾਵੇ ਤੇ ਲੋੜ ਪੈਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਕੀਤੀ ਗਈ ਕਾਰਵਾਈ, ਜ਼ਬਤ ਕੀਤੀ ਗਈ ਰਕਮ ਤੇ ਹੋਰ ਸਬੰਧਤ ਜਾਣਕਾਰੀ ਨਿਰਧਾਰਤ ਆਨਲਾਈਨ ਪੋਰਟਲ ਤੇ ਤੁਰੰਤ ਅਪਲੋਡ ਕੀਤੀ ਜਾਵੇ ਤਾਂ ਜੋ ਮਾਮਲਿਆਂ ਦੀ ਰੀਅਲ-ਟਾਈਮ ਨਿਗਰਾਨੀ ਕੀਤੀ ਜਾ ਸਕੇ।
ਇਸ ਦੇ ਨਾਲ ਹੀ ਪੁਲਿਸ, ਆਬਕਾਰੀ, ਆਮਦਨ ਕਰ, ਕਸਟਮ ਤੇ ਹੋਰ ਕੇਂਦਰੀ ਤੇ ਸੂਬਾਈ ਏਜੰਸੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ‘ਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ।

ਤਬਾਦਲਿਆਂ ਲਈ ਚੋਣ ਕਮਿਸ਼ਨ ਦੀ ਮਨਜ਼ੂਰੀ ਲਾਜ਼ਮੀ

ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕਮਿਸ਼ਨ ਨੇ ਅਧਿਕਾਰੀਆਂ ਦੀ ਤਾਇਨਾਤੀ ਸਬੰਧੀ ਵੀ ਸਖ਼ਤ ਨਿਯਮ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਡਿਊਟੀ ਨਾਲ ਸਿੱਧੇ ਜੁੜੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਆਪਣੇ ਗ੍ਰਹਿ ਜ਼ਿਲ੍ਹੇ ‘ਚ ਤਾਇਨਾਤ ਨਹੀਂ ਕੀਤਾ ਜਾਵੇਗਾ।
ਪਿਛਲੇ ਚਾਰ ਸਾਲਾਂ ਦੌਰਾਨ ਕਿਸੇ ਇੱਕ ਜ਼ਿਲ੍ਹੇ ‘ਚ ਤਿੰਨ ਸਾਲ ਦੀ ਤਾਇਨਾਤੀ ਪੂਰੀ ਕਰ ਚੁੱਕੇ ਜਾਂ ਨਿਰਧਾਰਤ ਆਖ਼ਰੀ ਮਿਤੀ ਤੱਕ ਪੂਰੀ ਕਰਨ ਵਾਲੇ ਅਧਿਕਾਰੀਆਂ ਨੂੰ ਤਬਦੀਲ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ, ਰਿਟਰਨਿੰਗ ਅਧਿਕਾਰੀ, ਸਹਾਇਕ ਰਿਟਰਨਿੰਗ ਅਧਿਕਾਰੀ ਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਜਾਂ ਜ਼ਿਮਨੀ ਚੋਣਾਂ ਦੌਰਾਨ ਤਾਇਨਾਤ ਰਹੇ ਖੇਤਰਾਂ ‘ਚ ਮੁੜ ਤਾਇਨਾਤ ਕਰਨ ਤੋਂ ਗੁਰੇਜ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ ਵਿਰੁੱਧ ਅਦਾਲਤ ‘ਚ ਅਪਰਾਧਿਕ ਮਾਮਲੇ ਲੰਬਿਤ ਹਨ, ਉਨ੍ਹਾਂ ਨੂੰ ਚੋਣਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਨਹੀਂ ਦਿੱਤੀਆਂ ਜਾਣਗੀਆਂ। ਚੋਣਾਂ ਦੌਰਾਨ ਲਾਪਰਵਾਹੀ ਵਰਤਣ ਜਾਂ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਨੂੰ ਵੀ ਚੋਣ ਡਿਊਟੀ ਤੋਂ ਦੂਰ ਰੱਖਿਆ ਜਾ ਸਕਦਾ ਹੈ। ਹਾਲਾਂਕਿ, ਰਾਜ ਦੇ ਮੁੱਖ ਦਫ਼ਤਰਾਂ ‘ਚ ਤਾਇਨਾਤ ਅਧਿਕਾਰੀਆਂ ਤੇ ਗ਼ੈਰ-ਚੋਣ ਸੇਵਾਵਾਂ ਨਾਲ ਜੁੜੇ ਡਾਕਟਰਾਂ, ਇੰਜੀਨੀਅਰਾਂ ਤੇ ਅਧਿਆਪਕਾਂ ਨੂੰ ਇਨ੍ਹਾਂ ਤਬਾਦਲਾ ਨਿਰਦੇਸ਼ਾਂ ਤੋਂ ਛੋਟ ਦਿੱਤੀ ਗਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments