ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਵਿੱਚ ਫੈਲ ਰਹੇ ਡਰੱਗ ਨੈੱਟਵਰਕ ਨੂੰ ਪਿਛਲੀਆਂ ਸਰਕਾਰਾਂ ਦੌਰਾਨ ਸਰਪ੍ਰਸਤੀ ਮਿਲੀ।
ਪੰਜਾਬ ਵਿੱਚ ਨਸ਼ੇ ਦੇ ਮੁੱਦੇ ‘ਤੇ ਇੱਕ ਵਾਰ ਫਿਰ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਭਾਜਪਾ ਨੂੰ “ਈਡੀ ਪਾਰਟੀ” ਦੱਸਦੇ ਹੋਏ ਇੱਕ ਪੋਸਟ ਸਾਂਝੀ ਕੀਤੀ। ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਦੇ ਕੁਝ ਅਧਿਕਾਰੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਫੜੇ ਗਏ ਹਨ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਵਿਰੋਧੀ ਧਿਰ ਦੇ ਨਸ਼ਿਆਂ ਦੇ ਵਪਾਰ ਨਾਲ ਕਥਿਤ ਸਬੰਧਾਂ ‘ਤੇ ਸਵਾਲ ਖੜ੍ਹੇ ਕਰਦਾ ਹੈ।
ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਵਿੱਚ ਫੈਲ ਰਹੇ ਡਰੱਗ ਨੈੱਟਵਰਕ ਨੂੰ ਪਿਛਲੀਆਂ ਸਰਕਾਰਾਂ ਦੌਰਾਨ ਸਰਪ੍ਰਸਤੀ ਮਿਲੀ। ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਡਰੱਗ ਦੀ ਗੰਭੀਰ ਸਮੱਸਿਆ ਪੈਦਾ ਹੋਈ। ਪਾਰਟੀ ਨੇ ਕਿਹਾ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੇ ਨਸ਼ਿਆਂ ਦਾ ਵੱਡਾ ਹਿੱਸਾ ਬਾਹਰੀ ਸੂਬਿਆਂ ਤੋਂ ਆਉਂਦਾ ਹੈ ਅਤੇ ਇਸ ਪੂਰੇ ਨੈੱਟਵਰਕ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਪਿਛਲੀਆਂ ਸਰਕਾਰਾਂ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਨਹੀਂ
ਉਨ੍ਹਾਂ ਇਲਜ਼ਾਮ ਲਾਇਆ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਖਿਲਾਫ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹੀਆਂ। ਜਿਸ ਕਾਰਨ ਨੌਜਵਾਨਾਂ ਵਿੱਚ ਨਸ਼ਾਖੋਰੀ ਵਧੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਈ।
ਹੁਣ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਕੋਸ਼ਿਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦਾ ਹਵਾਲਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੌਜੂਦਾ ਸਰਕਾਰ ਨਸ਼ਿਆਂ ਦੀ ਤਸਕਰੀ ਖਿਲਾਫ ਸਖ਼ਤ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਅਨੁਸਾਰ, ਪੁਲਿਸ ਅਤੇ ਪ੍ਰਸ਼ਾਸਨ ਲਗਾਤਾਰ ਕਾਰਵਾਈ ਕਰ ਰਿਹਾ ਹੈ। ਜਿਸ ਨਾਲ ਨਸ਼ਾ ਤਸਕਰਾਂ ‘ਤੇ ਦਬਾਅ ਵਧਿਆ ਹੈ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੰਮ ਕਰ ਰਿਹਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਵੱਲੋਂ ਲਗਾਏ ਗਏ ਇਲਜ਼ਾਮਾਂ ਬਾਰੇ ਸਬੰਧਤ ਰਾਜਨੀਤਿਕ ਪਾਰਟੀ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।