ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ।
ਸੈਸ਼ਨ ਦੀ ਸ਼ੁਰੂਆਤ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸੈਸ਼ਨ ਦੌਰਾਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪਰਵਿੰਦਰ ਸਿੰਘ ਝੋਟਾ ਦਾ ਨਾਂ ਵੀ ਸ਼ਰਧਾਂਜਲੀ ਦੇਣ ਵਾਲੀਆਂ ਸ਼ਖ਼ਸੀਅਤਾਂ ‘ਚ ਸ਼ਾਮਲ ਰਿਹਾ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਈ ਅਜਿਹੀਆਂ ਸ਼ਖ਼ਸੀਅਤਾਂ ਸਾਡੇ ਤੋਂ ਸਦੀਵੀ ਵਿਛੋੜਾ ਲੈ ਗਈਆਂ ਹਨ, ਜਿਨ੍ਹਾਂ ਨੇ ਆਪਣਾ ਜੀਵਨ ਕੌਮ ਦੇ ਲੇਖੇ ਲਾਉਂਦਿਆਂ ਸਮਾਜ ਤੇ ਦੇਸ਼ ਦੀ ਸੇਵਾ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਤੇ ਸਾਬਕਾ ਡਿਪਟੀ ਸਪੀਕਰ ਚੁੰਨੀ ਲਾਲ ਭਗਤ, ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਸੰਗਰੂਰ ‘ਚ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ 8 ਮਨਰੇਗਾ ਮਜ਼ਦੂਰਾਂ, ਮੌਜੂਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਵਿੱਦਿਆ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
“ਕਤਲ ਦੀ ਦੁਖਦਾਈ ਘਟਨਾ ਦੀ ਘੋਰ ਨਿੰਦਾ ਤੇ ਝੇਟੇ ਨੂੰ ਸ਼ਰਧਾਂਜਲੀ”
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ ‘ਚ ਨਸ਼ਿਆਂ ਦੀ ਬੁਰੀ ਅਲਾਮਤ ਵਿਰੁੱਧ ਨੌਜਵਾਨਾਂ ਤੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਵੇਚਣ ਵਾਲਿਆਂ ਵਿਰੁੱਧ ਡਟਣ ਵਾਲੀ ਬੁਲੰਦ ਆਵਾਜ਼ ਸਮਾਜਿਕ ਕਾਰਕੁਨ, ਕਬੱਡੀ ਖਿਡਾਰੀ ਤੇ ਬਾਕਸਰ ਸਰਦਾਰ ਪਰਵਿੰਦਰ ਸਿੰਘ ਉਰਫ਼ ਝੋਟਾ ਇੱਕ ਦੁਖਦਾਈ ਘਟਨਾ ‘ਚ ਸਾਡੇ ਤੋਂ ਵਿਛੜ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪਰਵਿੰਦਰ ਸਿੰਘ ਝੋਟਾ ਵੱਲੋਂ ਪਾਇਆ ਗਿਆ ਅਨਮੁੱਲਾ ਯੋਗਦਾਨ ਤੇ ਨਸ਼ਾ ਤਸਕਰਾਂ ਵਿਰੁੱਧ ਕੀਤਾ ਗਿਆ ਡਟਵਾਂ ਸੰਘਰਸ਼ ਹਮੇਸ਼ਾ ਇਤਿਹਾਸ ਦੇ ਪੰਨਿਆਂ ‘ਚ ਅਮਰ ਰਹੇਗਾ। ਉਨ੍ਹਾਂ ਦੀ ਮਹਾਨ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਨਿਰਸਵਾਰਥ ਯੋਗਦਾਨ ਨੂੰ ਯਾਦ ਕਰਦੀਆਂ ਰਹਿਣਗੀਆਂ। ਸਮੁੱਚਾ ਸਦਨ ਇਸ ਦੁਖਦਾਈ ਘਟਨਾ ਦੀ ਘੋਰ ਨਿੰਦਾ ਕਰਦਾ ਹੈ ਤੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹੈ।