ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ’ਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 187 ਬੱਚੇ ਬਚਾਏ ਗਏ ਹਨ
Punjab ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।
ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਨ੍ਹਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਕਿ ਉਹਨਾਂ ਨੂੰ ਸ਼ੋਸ਼ਣ ਮੁਕਤ ਜੀਵਨ ਦਾ ਰਾਸਤਾ ਦਿਖਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ’ਚ ਜੀਵਨਜੋਤ ਪ੍ਰੋਜੈਕਟ ਤਹਿਤ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣ ਅਤੇ ਮੁੜ ਵਸੇਬਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਚਲਾਈ ਜਾਂਦੀ ਹੈ।
ਉਨ੍ਹਾਂ ਖ਼ੁਲਾਸਾ ਕੀਤਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ’ਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 187 ਬੱਚੇ ਬਚਾਏ ਗਏ ਹਨ, ਜਿਨ੍ਹਾਂ ਵਿੱਚੋਂ 18 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰ ਕੇ ਰਾਜ ’ਚ ਚਲਾਏ ਜਾ ਰਹੇ ਬਾਲ ਘਰਾਂ ’ਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ’ਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਉਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ।
ਇਨ੍ਹਾਂ ਵਿੱਚੋਂ 15 ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਦਾ ਲਾਭ, 80 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। 03 ਬੱਚਿਆ ਨੂੰ ਆਂਗਨਵਾੜੀ ’ਚ ਦਾਖਲ ਕਰਵਾਇਆ ਗਿਆ ਹੈ।
ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਰਾਜ ’ਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ, ਜਿਨ੍ਹਾਂ ਵਿਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਬੱਚਿਆਂ ਦੇ ਭੀਖ ਮੰਗਣ ਸਬੰਧੀ ਕੋਈ ਮਾਮਲਾ ਆਉਂਦਾ ਹੈ ਤਾਂ ਇਸ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਜਾਂ ਫੇਰ ਵਿਭਾਗ ਵੱਲੋਂ ਚਲਾਈ ਜਾ ਰਹੀ ਚਾਇਲਡ ਹੈਲਪਲਾਇਨ ਨੰ: 1098 ਤੇ ਦਿੱਤੀ ਜਾ ਸਕਦੀ ਹੈ।