ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ।
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਇਕ ਮਹੱਤਵਪੂਰਨ ਪਹਿਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਸਿੱਖਿਆ ਵਿਭਾਗ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਅਤੇ ਮੈਰੀਟੋਰੀਅਸ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ‘ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ 2026’ ਦਾ ਆਯੋਜਨ ਕੀਤਾ ਗਿਆ ਹੈ।
ਇਸ ਵਿਸ਼ੇਸ਼ ਕੈਂਪ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੇ.ਈ.ਈ. (ਮੇਨਜ਼ ਅਤੇ ਐਡਵਾਂਸਡ) ਅਤੇ ਨੀਟ ਵਰਗੀਆਂ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮਜ਼ਬੂਤ ਬੁਨਿਆਦ ਅਤੇ ਉੱਚ ਪੱਧਰੀ ਤਿਆਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਵੀ ਦੇਸ਼ ਦੇ ਚੋਟੀ ਦੇ ਮੈਡੀਕਲ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿੱਚ ਦਾਖਲਾ ਲੈ ਸਕਣ।
24 ਦਿਨ ਚੱਲੇਗਾ ਇਹ ਰਿਹਾਇਸ਼ੀ ਕੈਂਪ
ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਹ ਰਿਹਾਇਸ਼ੀ ਕੋਚਿੰਗ ਕੈਂਪ 5 ਜੂਨ 2026 ਤੋਂ ਸਫਲਤਾਪੂਰਵਕ ਸ਼ੁਰੂ ਹੋ ਚੁੱਕਾ ਹੈ ਅਤੇ ਇਹ 28 ਜੂਨ 2026 ਤੱਕ (ਕੁੱਲ 24 ਦਿਨ) ਲਗਾਤਾਰ ਜਾਰੀ ਰਹੇਗਾ। ਇਸ ਵਿਲੱਖਣ ਮੁਹਿੰਮ ਤਹਿਤ ਪੂਰੇ ਪੰਜਾਬ ਵਿੱਚੋਂ ਲਗਪਗ 3,000 ਹੋਣਹਾਰ ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਦੇ ਰਹਿਣ ਅਤੇ ਪੜ੍ਹਾਈ ਲਈ ਪੰਜਾਬ ਦੇ ਚਾਰ ਪ੍ਰਮੁੱਖ ਸ਼ਹਿਰਾਂ—ਬਠਿੰਡਾ, ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਦੇਸ਼ ਦੇ ਪ੍ਰਸਿੱਧ ਅਧਿਆਪਕ ਦੇ ਰਹੇ ਹਨ ਟ੍ਰੇਨਿੰਗ, ਖਰਚਾ ਚੁੱਕ ਰਹੀ ਹੈ ਸਰਕਾਰ
ਇਸ ਕੈਂਪ ਦੀ ਸਭ ਤੋਂ ਅਹਿਮ ਵਿਸ਼ੇਸ਼ਤਾ ਇਹ ਹੈ ਕਿ ਵਿਦਿਆਰਥੀਆਂ ਨੂੰ ਕੋਚਿੰਗ ਦੇਣ ਲਈ ਦੇਸ਼ ਦੀਆਂ ਵੱਖ-ਵੱਖ ਨਾਮੀ ਅਤੇ ਵੱਕਾਰੀ ਵਿਦਿਅਕ ਸੰਸਥਾਵਾਂ ਦੇ ਮਾਹਰ ਟਿਊਟਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਉੱਚ ਪੱਧਰੀ ਸਟੱਡੀ ਮੈਟੀਰੀਅਲ ਵੀ ਦਿੱਤੀ ਜਾ ਰਹੀ ਹੈ।
ਇਸ ਪੂਰੇ ਕੈਂਪ ਦੌਰਾਨ ਵਿਦਿਆਰਥੀਆਂ ਦੇ ਰਹਿਣ, ਖਾਣ-ਪੀਣ, ਅਤੇ ਅਤੇ ਕੋਚਿੰਗ ਸਬੰਧੀ ਸਾਰਾ ਖਰਚਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਖੁਦ ਚੁੱਕਿਆ ਜਾ ਰਿਹਾ ਹੈ, ਯਾਨੀ ਕਿ ਇਹ ਕੋਚਿੰਗ ਬੱਚਿਆਂ ਲਈ ਬਿਲਕੁਲ “ਜ਼ੀਰੋ-ਕਾਸਟ” ਹੈ। ਕੈਂਪ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਬਿਹਤਰ ਪ੍ਰਬੰਧਨ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ।
ਪੇਂਡੂ ਅਤੇ ਲੋੜਵੰਦ ਬੱਚਿਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ
ਸਰਕਾਰ ਦੀ ਇਸ ਸ਼ਾਨਦਾਰ ਪਹਿਲਕਦਮੀ ਨਾਲ ਖਾਸ ਕਰਕੇ ਪੇਂਡੂ ਖੇਤਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ ਮੇਧਾਵੀ ਪਰਿਵਾਰਾਂ ਦੇ ਬੱਚਿਆਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਡਾਕਟਰ ਅਤੇ ਇੰਜੀਨੀਅਰ ਬਣਨ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਬਹੁਤ ਵੱਡੀ ਮਦਦ ਮਿਲੇਗੀ।