Sukhbir Badal ਦੇ ਅਸਤੀਫੇ ਨੇ ਪੰਥਕ ਸਿਆਸਤ ਵਿੱਚ ਭੂਚਾਲ ਲਿਆਂਦਾ ਹੋਇਆ ਹੈ।
Sukhbir Badal ਦੇ ਅਸਤੀਫੇ ਨੇ ਪੰਥਕ ਸਿਆਸਤ ਵਿੱਚ ਭੂਚਾਲ ਲਿਆਂਦਾ ਹੋਇਆ ਹੈ। ਕੁਝ ਧਿਰਾਂ ਇਸ ਅਸਤੀਫੇ ਨੂੰ ਡਰਾਮਾ ਕਰਾਰ ਦੇ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਦਾਅਵਾ ਕੀਤਾ ਹੈ ਕਿ Sukhbir Badal ਨੂੰ ਬਚਾਉਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ Sukhbir Badal ਦੇ ਅਸਤੀਫ਼ੇ ਬਾਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁਲਾਈ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੋਚੀ-ਸਮਝੀ ਸਾਜ਼ਿਸ਼ ਤੇ ਮੀਟਿੰਗ ਦੀ ਕਾਰਵਾਈ ਨੂੰ ਡਰਾਮਾ ਕਰਾਰ ਦਿੱਤਾ। ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਜਦੋਂ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ, ਉਸੇ ਦੌਰਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਅਸਤੀਫ਼ੇ ਦੇ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਜਥੇਦਾਰ ਵਡਾਲਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਬਚਾਉਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਵਰਕਿੰਗ ਕਮੇਟੀ ਤੇ ਦੂਸਰੇ ਲੀਡਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅੱਜ ਪੰਜਾਬ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਚਾਹੁੰਦਾ ਹੈ। ਇਸ ਗੱਲ ਨੂੰ ਲਮਕਾ ਕੇ ਇਹ ਸਾਬਤ ਕਰਨਾ ਚਾਹੁੰਦੇ ਹਨ ਕਿ ਇਕ ਵਿਅਕਤੀ ਪਾਰਟੀ ਤੋਂ ਵੱਡਾ ਹੈ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ Sukhbir Badal ਵੱਲੋਂ ਦਿੱਤੇ ਗਏ ਅਸਤੀਫ਼ੇ ਬਾਰੇ ਫ਼ੈਸਲਾ ਟਾਲ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਬਾਰੇ ਕੋਈ ਵੀ ਫ਼ੈਸਲਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਸਣੇ ਹੋਰਨਾਂ ਡੈਲੀਗੇਟਾਂ ਨਾਲ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ।
ਦੱਸ ਦਈਏ ਕਿ 16 ਨਵੰਬਰ ਨੂੰ Sukhbir Badal ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਸੀ, ਜਿਸ ਬਾਰੇ ਵਿਚਾਰ ਕਰਨ ਲਈ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਸੀ।