ਕੇਜਰੀਵਾਲ ਨੇ ਸਾਰਿਆਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਦਿੱਲੀ ਵਿਧਾਨ ਸਭਾ ਚੋਣਾਂ ਹਾਰ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਪਣਾ ਪੂਰਾ ਧਿਆਨ ਪੰਜਾਬ ”ਤੇ ਕੇਂਦਰਿਤ ਕਰ ਦਿੱਤਾ ਹੈ। ਪਤਾ ਲੱਗਿਆ ਹੈ ਕਿ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਪਣੀ ਦਿੱਲੀ ਸਥਿਤ ਰਿਹਾਇਸ਼ ’ਤੇ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ , ਸਮੂਹ ਮੰਤਰੀਆਂ ਅਤੇ ਪਾਰਟੀ ਦੇ ਵਿਧਾਇਕਾਂ ਨਾਲ ਵੀ ਮੀਟਿੰਗ ਕੀਤੀ ਸੀ।
ਪਤਾ ਲੱਗਿਆ ਹੈ ਕਿ ਹੇਠਲੇ ਪੱਧਰ ”ਤੇ ਪਾਰਟੀ ਵਰਕਰਾਂ, ਵਲੰਟੀਅਰਜ਼ ਦੀ ਨਰਾਜ਼ਗੀ ਨੂੰ ਦੂਰ ਕਰਨ ਲਈ ਅਰਵਿੰਦ ਕੇਜਰੀਵਾਲ ਨੇ ਜ਼ਿਲ੍ਹਾ ਪ੍ਰਧਾਨਾਂ ਤੋ ਫੀਡਬੈਕ ਲਈ ਉੱਥੇ ਜ਼ਿਲ੍ਹਾ ਆਗੂਆਂ ਨੂੰ ਆਪਸੀ ਨਿੱਜੀ ਰੰਜਿਸ਼ ਨੂੰ ਭੁੱਲ ਕੇ ਪਾਰਟੀ ਦੇ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਦੱਸਿਆ ਜਾਂਦਾ ਹੈ ਕਿ ਕੇਜਰੀਵਾਲ ਨੇ ਜਿਲ੍ਹਾ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਭਵਿੱਖ ਵਿੱਚ ਜਿਹੜੇ ਆਗੂ ਪਾਰਟੀ ਦੇ ਵਡੇਰੇ ਹਿੱਤਾਂ ਲਈ ਕੰਮ ਕਰਨਗੇ ਉਹਨਾਂ ਨੂੰ ਸਰਕਾਰ ਅਤੇ ਪਾਰਟੀ ਵਿੱਚ ਅਹਿਮ ਜਿੰਮੇਵਾਰੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਵਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।
ਕੇਜਰੀਵਾਲ ਨੇ ਸਾਰਿਆਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ਵਿਚ ਮਿਸਾਲੀ ਕੰਮ ਕਰ ਰਹੀ ਹੈ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਅਹਿਦ ਲਿਆ ਹੈ ਜਿਸ ਤਹਿਤ ਅਗਾਮੀ ਦਿਨਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਕੇ ‘ਪੰਜਾਬ ਮਾਡਲ’ ਵਿਕਸਿਤ ਕੀਤਾ ਜਾਵੇਗਾ।