Wednesday, June 10, 2026
Google search engine
HomeDeshPunjab ਨੂੰ ਲੁੱਟਣ ਵਾਲੇ ਫਿਰ ਇਕੱਠੇ ਹੋ ਰਹੇ, ਅਮਲੋਹ ‘ਚ CM ਮਾਨ...

Punjab ਨੂੰ ਲੁੱਟਣ ਵਾਲੇ ਫਿਰ ਇਕੱਠੇ ਹੋ ਰਹੇ, ਅਮਲੋਹ ‘ਚ CM ਮਾਨ ਦਾ ਵਿਰੋਧੀਆਂ ‘ਤੇ ਵੱਡਾ ਹਮਲਾ

CM ਮਾਨ ਨੇ ਕਿਹਾ ਕਿ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਇਹ ਦੋਵੇਂ ਪਾਰਟੀਆਂ ਸਿਰਫ਼ ਸੱਤਾ ਦੀ ਭੁੱਖ ਮਿਟਾਉਣ ਲਈ ਇਕੱਠੀਆਂ ਹੋ ਰਹੀਆਂ ਹਨ

ਹਲਕਾ ਅਮਲੋਹ ਦੇ ਪਿੰਡ ਸ਼ਮਾਸਪੁਰ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਸੀਐਮ ਮਾਨ ਨੇ ਕਿਹਾ ਕਿ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਇਹ ਦੋਵੇਂ ਪਾਰਟੀਆਂ ਸਿਰਫ਼ ਸੱਤਾ ਦੀ ਭੁੱਖ ਮਿਟਾਉਣ ਲਈ ਇਕੱਠੀਆਂ ਹੋ ਰਹੀਆਂ ਹਨ, ਜਿਸ ਦਾ ਜਨਤਾ ਦੀ ਭਲਾਈ ਜਾਂ ਕਿਸੇ ਵਿਚਾਰਧਾਰਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਅਕਾਲੀ-ਭਾਜਪਾ ਗੱਠਜੋੜ ‘ਤੇ ਹਮਲਾ

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਲਈ ਘਾਤਕ ਸਿੱਧ ਹੋਵੇਗਾ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਾਲਾਂਬੱਧੀ ਇੱਕ-ਦੂਜੇ ਖ਼ਿਲਾਫ਼ ਜ਼ਹਿਰ ਉਗਲਿਆ ਹੈ ਅਤੇ ਹੁਣ ਉਹ ਕਿਸ ਮੂੰਹ ਨਾਲ ਜਨਤਾ ਕੋਲ ਵੋਟਾਂ ਮੰਗਣਗੇ? ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਮਾਨਸਿਕਤਾ ਦਿਖਾਈ ਹੈ ਅਤੇ ਕਿਸਾਨੀ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਉਹੀ ਜਵਾਬਦੇਹ ਹਨ।
ਸੀਐਮ ਮਾਨ ਨੇ ਕੇਂਦਰੀ ਏਜੰਸੀਆਂ ਦੇ ਬਹਾਨੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਇਹ ਏਜੰਸੀਆਂ ਹੁਣ ਭਾਜਪਾ ਦੇ ਵਿਸਤਾਰ ਵਜੋਂ ਕੰਮ ਕਰ ਰਹੀਆਂ ਹਨ। ਸਿਆਸੀ ਵਿਰੋਧੀਆਂ ਅਤੇ ਛੋਟੇ ਵਪਾਰੀਆਂ ਨੂੰ ਡਰਾਉਣ-ਧਮਕਾਉਣ ਲਈ ਇਨ੍ਹਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਤਾਂ ਜੋ ਲੋਕਤੰਤਰੀ ਆਵਾਜ਼ਾਂ ਨੂੰ ਦਬਾਇਆ ਜਾ ਸਕੇ, ਪਰ ਪੰਜਾਬ ਅਜਿਹਾ ਕਦੇ ਬਰਦਾਸ਼ਤ ਨਹੀਂ ਕਰੇਗਾ।

ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀ ਦਲ ਦੀ ਘੇਰਾਬੰਦੀ

ਮੁੱਖ ਮੰਤਰੀ ਨੇ ਸੁਖਬੀਰ ਬਾਦਲ ‘ਤੇ ਸਿੱਧਾ ਵਾਰ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਗੁਰਬਾਣੀ ਦੇ ਨਾਮ ‘ਤੇ ਵੋਟਾਂ ਮੰਗੀਆਂ ਪਰ ਆਪਣੇ ਰਾਜ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਿਹਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਜ਼ਖ਼ਮ ਅੱਜ ਵੀ ਤਾਜ਼ਾ ਹਨ ਅਤੇ ਅਕਾਲੀਆਂ ਦੀ ਸਰਪ੍ਰਸਤੀ ਹੇਠ ਵਧੇ-ਫੁੱਲੇ ਨਸ਼ਾ ਤਸਕਰੀ ਨੇ ਪੰਜਾਬ ਦੀਆਂ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਨਵੇਂ ਕਾਨੂੰਨ ਮੁਤਾਬਕ ਬੇਅਦਬੀ ਦੇ ਦੋਸ਼ੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਜੁਰਮਾਨਾ ਹੋਵੇਗਾ। ਜੁਰਮਾਨਾ ਨਾ ਭਰਨ ‘ਤੇ ਜਾਇਦਾਦ ਕੁਰਕ ਕਰਕੇ ਵੇਚੀ ਜਾਵੇਗੀ।

ਅੰਦਰੂਨੀ ਕਲਹ ‘ਚ ਉਲਝੀ ਕਾਂਗਰ

ਕਾਂਗਰਸ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉੱਥੇ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਕਾਂਗਰਸ ਇੱਕ ਖੇਰੂੰ-ਖੇਰੂੰ ਹੋਇਆ ਘਰ ਹੈ, ਜਿਸ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਉਹ ਆਪਣੀ ਅੰਦਰੂਨੀ ਲੜਾਈ ਕਾਰਨ ਜਲਦ ਹੀ ਤਾਸ਼ ਦੇ ਪੱਤਿਆਂ ਵਾਂਗ ਖਿੱਲਰ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਨੀਤੀ ਆਯੋਗ ਦੇ ਨਵੇਂ ਅੰਕੜਿਆਂ ਮੁਤਾਬਕ ਪੰਜਾਬ, ਕੇਰਲ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਤੇ ਮਿਡਲ ਸਿੱਖਿਆ ਵਿੱਚ ਦੇਸ਼ ਭਰ ‘ਚੋਂ ਨੰਬਰ ਇੱਕ ਸੂਬਾ ਬਣ ਗਿਆ ਹੈ। ਇਸ ਤੋਂ ਇਲਾਵਾ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਲਈ ਹੈਲਥ ਕਾਰਡ ਜਾਰੀ ਕੀਤੇ ਜਾ ਰਹੇ ਹਨ।

ਕਿਸਾਨੀ ਅਤੇ ਸਿੰਚਾਈ ਸੁਧਾਰ

ਸੀਐਮ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 22% ਤੋਂ ਵਧਾ ਕੇ 80% ਤੋਂ ਪਾਰ ਕਰ ਦਿੱਤੀ ਗਈ ਹੈ, ਜਿਸ ਲਈ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਰੀਚਾਰਜ ਪੁਆਇੰਟਾਂ ਕਾਰਨ ਕਈ ਇਲਾਕਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 2 ਤੋਂ 4 ਮੀਟਰ ਉੱਪਰ ਆਇਆ ਹੈ। ਨਾਲ ਹੀ, ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਨਿਰਵਿਘਨ ਬਿਜਲੀ ਦਿੱਤੀ ਗਈ।
ਔਰਤਾਂ ਦੇ ਸਸ਼ਕਤੀਕਰਨ ਲਈ ‘ਮਾਵਾਂ ਧੀਆਂ ਸਤਕਾਰ ਯੋਜਨਾ’ ਦਾ ਐਲਾਨ ਕਰਦਿਆਂ ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ 1,000 ਰੁਪਏ ਅਤੇ ਐਸਸੀ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜੋ 1 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 67,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments