ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਦੀਆਂ ਕਿਆਸਅਰਾਈਆਂ ਵਿਚਕਾਰ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜੀ ਹੈ।
ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਦੀਆਂ ਕਿਆਸਅਰਾਈਆਂ ਵਿਚਕਾਰ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜੀ ਹੈ। ਸੀਐਮ ਮਾਨ ਨੇ ਸਪਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਕਦੇ ਵੀ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ। ਇਹ ਸਭ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜੋ ਬੇਬੁਨਿਆਦ ਹਨ। ਇਨ੍ਹਾਂ ਗੱਲਾਂ ਵਿੱਚ ਕੋਈ ਸੱਚਾਈ ਨਹੀਂ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਸਰਦੂਲਗੜ੍ਹ ਵਿੱਚ ਤਹਿਸੀਲ ਦੇ ਕੰਮਕਾਜ ਦਾ ਨਿਰੀਖਣ ਕਰਦੇ ਹੋਏ ਇਹ ਗੱਲ ਕਹੀ।
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਬਦਲਿਆ ਜਾ ਰਿਹਾ ਹੈ। ਇਸ ਬਾਰੇ ਵਿਰੋਧੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਬਿਆਨ ਦਾਗੇ ਜਾ ਰਹੇ ਹਨ।
ਇਸ ਦਾ ਜਵਾਬ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਇਹੀ ਕਹਿੰਦੇ ਆ ਰਹੇ ਹਨ। ਕੇਜਰੀਵਾਲ ਸਾਡੀ ਪਾਰਟੀ ਦੇ ਕਨਵੀਨਰ ਹਨ। ਉਹ ਸਾਡੀ ਰਾਸ਼ਟਰੀ ਪਾਰਟੀ ਦੇ ਨੇਤਾ ਹਨ। ਉਨ੍ਹਾਂ ਨੇ ਦੇਸ਼ ਭਰ ਵਿੱਚ ਪਾਰਟੀ ਚਲਾਉਣੀ ਹੈ। ਉਨ੍ਹਾਂ ਦਾ ਪ੍ਰੋਗਰਾਮ ਕਦੇ ਗੁਜਰਾਤ ਵਿੱਚ ਹੁੰਦਾ ਹੈ ਤੇ ਕਦੇ ਛੱਤੀਸਗੜ੍ਹ ਵਿੱਚ। ਇਸ ਲਈ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਦਰਅਸਲ ਦਿੱਲੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ (ਆਪ) ਦੇ 30 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਤੋਂ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ’ਆਪ’ ਆਗੂਆਂ ਦੀ ਇੱਕ ਮੀਟਿੰਗ ਬੁਲਾਈ। ਇਸ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ।
ਹਾਲਾਂਕਿ, ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਸ਼ੁਰੂ ਤੋਂ ਹੀ ਇਸ ਨੂੰ ਅਫਵਾਹ ਦੱਸਿਆ ਸੀ। ਸਾਲ 2022 ਵਿੱਚ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਈਆਂ, ਜਿਸ ਵਿੱਚ ‘ਆਪ’ ਨੇ 92, ਕਾਂਗਰਸ ਨੇ 18, ਭਾਜਪਾ ਨੇ 2, ਸ਼੍ਰੋਮਣੀ ਅਕਾਲੀ ਦਲ ਨੇ 3 ਤੇ ਬਸਪਾ ਨੇ 1 ਸੀਟ ਜਿੱਤੀ। ਪੰਜਾਬ ਵਿੱਚ ਬਹੁਮਤ ਦਾ ਅੰਕੜਾ 59 ਹੈ। ਅਜਿਹੀ ਸਥਿਤੀ ਵਿੱਚ ਜੇਕਰ 30 ਵਿਧਾਇਕ ਪਾਰਟੀ ਛੱਡ ਵੀ ਦਿੰਦੇ ਹਨ ਤਾਂ ਵੀ ‘ਆਪ’ ਕੋਲ 62 ਵਿਧਾਇਕ ਹੀ ਰਹਿਣਗੇ ਤੇ ਸਰਕਾਰ ਨੂੰ ਕੋਈ ਖ਼ਤਰਾ ਨਹੀਂ।
ਦੱਸ਼ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ‘ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ। ਮੁੱਖ ਮੰਤਰੀ ਚੀਮਾ ਦੇ ਸਬ-ਤਹਿਸੀਲ ਕੰਪਲੈਕਸ ਪਹੁੰਚੇ ਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਭਾਵੀ ਕੰਮਕਾਜ ਲਈ ਲੋਕਾਂ ਦੀ ਫੀਡਬੈਕ ਬਹੁਤ ਮਹੱਤਵ ਰੱਖਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਪਲੈਕਸ ਦਾ ਦੌਰਾ ਕੀਤਾ ਹੈ ਕਿ ਕੀ ਉਨ੍ਹਾਂ ਦੇ ਕੰਮ ਸੁਚਾਰੂ ਢੰਗ ਨਾਲ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕੋਈ ਨੁਕਸ ਕੱਢਣਾ ਨਹੀਂ ਹੈ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਖੁਦ ਦੌਰਾ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।