ਵਿਦੇਸ਼ ਮੰਤਰਾਲੇ ਨੇ ਬੀਤੇ ਦਿਨ ਹਰਦੀਪ ਸਿੰਘ ਨਿੱਝਰ ਨੂੰ ਲੈ ਕੇ ਆਈ ਉਸ ਰਿਪੋਰਟ ਦਾ ਖੰਡਨ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਵੀਂ ਦਿੱਲੀ ਨੇ ਪੱਛਮੀ ਦੇਸ਼ਾਂ ਵਿੱਚ ਸਿੱਖ ਡਾਇਸਪੋਰਾ ਸੰਗਠਨਾਂ ਵਿਰੁੱਧ ਕਾਰਵਾਈ ਕਰਨ ਲਈ ਉੱਤਰੀ ਅਮਰੀਕਾ ਦੇ ਕੌਂਸਲੇਟਾਂ ਨੂੰ ਇੱਕ ਪੱਤਰ ‘ਗੁਪਤ ਮੈਮੋ’ ਭੇਜਿਆ ਗਿਆ ਸੀ। ਇਹ ਰਿਪੋਰਟ ਦਿ ਇੰਟਰਸੈਪਟ ਦੁਆਰਾ ਜਾਰੀ ਕੀਤੀ ਗਈ ਹੈ।
ਮੰਤਰਾਲੇ ਨੇ ਇਸ ਰਿਪੋਰਟ ਨੂੰ ਫਰਜ਼ੀ ਅਤੇ ਪੂਰੀ ਤਰ੍ਹਾਂ ਨਾਲ ਮਨਘੜਤ ਕਰਾਰ ਦਿੱਤਾ ਅਤੇ ਕਿਹਾ, ਅਜਿਹਾ ਕੋਈ ਮੈਮੋ ਨਹੀਂ ਹੈ। ਇਸ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀ ਅਪ੍ਰੈਲ ‘ਚ ਮੀਡੀਆ ਦੇ ਸਵਾਲਾਂ ਦੇ ਜਵਾਬ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸ਼ੇਅਰ ਕੀਤੇ ਹਨ।
ਭਾਰਤ ਦੇ ਖਿਲਾਫ਼ ਪ੍ਰਚਾਰ
ਇਸ ਵਿਚ ਵਿਦੇਸ਼ ਮੰਤਰਾਲੇ ਨੇ ਕਿਹਾ, “ਇਹ ਭਾਰਤ ਦੇ ਖਿਲਾਫ਼ ਲਗਾਤਾਰ ਪ੍ਰਚਾਰ ਮੁਹਿੰਮ ਦਾ ਹਿੱਸਾ ਹੈ। ਇਹ ਆਊਟਲੈੱਟ ਪਾਕਿਸਤਾਨੀ ਖੁਫੀਆ ਏਜੰਸੀ ਦੁਆਰਾ ਫੈਲਾਈਆਂ ਜਾਅਲੀ ਖਬਰਾਂ ਦੇ ਪ੍ਰਚਾਰ ਲਈ ਜਾਣਿਆ ਜਾਂਦਾ ਹੈ। ਇਸਦੇ ਲੇਖਕਾਂ ਦੀਆਂ ਪੋਸਟਾਂ ਇਸਦੀ ਪੁਸ਼ਟੀ ਕਰਦੀਆਂ ਹਨ।” ਬਿਆਨ ਵਿੱਚ ਕਿਹਾ ਗਿਆ ਹੈ, “ਜਿਹੜੇ ਲੋਕ ਅਜਿਹੀਆਂ ਝੂਠੀਆਂ ਖ਼ਬਰਾਂ ਦਾ ਪ੍ਰਚਾਰ ਕਰਦੇ ਹਨ, ਉਹ ਆਪਣੀ ਭਰੋਸੇਯੋਗਤਾ ਗੁਆ ਦਿੰਦੇ ਹਨ।”
ਜ਼ਿਕਰਯੋਗ ਹੈ ਕਿ ਇੰਟਰਸੈਪਟ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਨੇ ਅਪ੍ਰੈਲ 2023 ਵਿੱਚ ਇੱਕ ਗੁਪਤ ਮੀਮੋ ਜਾਰੀ ਕੀਤਾ ਸੀ। ਇਸ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਸਮੇਤ ਕਈ ਸਿੱਖ ਵੱਖਵਾਦੀਆਂ ਦੀ ਸੂਚੀ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਮੈਮੋ ਵੈਨਕੂਵਰ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਦੋ ਮਹੀਨੇ ਪਹਿਲਾਂ ਭੇਜਿਆ ਗਿਆ ਸੀ।
ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ
ਦੱਸ ਦੇਈਏ ਕਿ ਹਾਲ ਹੀ ਵਿੱਚ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧ ਗਿਆ ਸੀ। ਇਸ ਦੌਰਾਨ ਦੋਵਾਂ ਦੇ ਰਿਸ਼ਤੇ ਉਸ ਸਮੇਂ ਵਿਗੜ ਗਏ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ। ਹਾਲਾਂਕਿ, ਭਾਰਤ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਅਤੇ ਭਰੋਸਾ ਦਿੱਤਾ ਕਿ ਜੇਕਰ ਕੈਨੇਡਾ ਸਬੂਤ ਮੁਹੱਈਆ ਕਰਵਾਏਗਾ ਤਾਂ ਉਹ ਜਾਂਚ ਪ੍ਰਕਿਰਿਆ ਵਿੱਚ ਸਹਿਯੋਗ ਕਰੇਗਾ।
ਟਰੂਡੋ ਦੇ ਦੋਸ਼ਾਂ ਕਾਰਨ ਦੋਵਾਂ ਦੇਸ਼ਾਂ ਦਰਮਿਆਨ ਕੂਟਨੀਤਕ ਵਿਵਾਦ ਪੈਦਾ ਹੋ ਗਿਆ ਅਤੇ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ ਪਰ ਓਟਾਵਾ ਨੂੰ ਭਾਰਤ ਤੋਂ ਕਰੀਬ 40 ਡਿਪਲੋਮੈਟ ਵਾਪਸ ਲੈਣੇ ਪਏ।