ਮੋਗਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਐਲਾਨ ਕੀਤਾ ਹੈ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਹੋਰ ਵਿਸ਼ਾਲ ਕਰਦਿਆਂ 1 ਕਰੋੜ 60 ਲੱਖ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ। ਉਹ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਬੱਚਿਆਂ ’ਚ ਦਿਲ ਦੇ ਗੰਭੀਰ ਰੋਗਾਂ ਦਾ ਪਤਾ ਲਗਾਉਣ ਲਈ ਸਥਾਪਤ ਕੀਤੀ ਗਈ ਪੈਡਰੀਐਟ੍ਰਿਕ ਈਕੋ ਕਾਰਡੀਓ ਗਰਾਫੀ ਮਸ਼ੀਨ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ’ਤੇ ਆਏ ਸਨ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਭਾਰਤ ਸਰਕਾਰ ਵੱਲੋਂ ਸਿਰਫ 16 ਲੱਖ ਲਾਭਪਾਤਰੀਆਂ ਲਈ ਹੀ ਫੰਡਿੰਗ ਕੀਤੀ ਜਾਂਦੀ ਹੈ। ਜਦਕਿ ਪੰਜਾਬ ਸਰਕਾਰ ਵੱਲੋਂ 70 ਲੱਖ ਲੋਕਾਂ ਦੇ ਕਾਰਡ ਬਣਾਏ ਗਏ ਹਨ ਅਤੇ ਹੁਣ ਤੱਕ 44 ਲੱਖ ਲੋਕਾਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ 1.60 ਕਰੋੜ ਲੋਕਾਂ ਨੂੰ ਕਵਰ ਕਰਨ ਦਾ ਟੀਚਾ ਹੈ।
ਬਕਾਇਆ 90 ਲੱਖ ਲੋਕਾਂ ਦੇ ਕਾਰਡ ਵੀ ਜਲਦ ਬਣਾਏ ਜਾਣਗੇ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਹੁਣ ਤੱਕ 95 ਫੀਸਦੀ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡਾਕਟਰਾਂ ਦੀ ਕਮੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਗਲੇ ਇਕ ਸਾਲ ਵਿਚ ਸਾਰੇ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਦੀ ਕਮੀ ਪੂਰੀ ਕਰ ਦਿੱਤੀ ਜਾਵੇਗੀ। ਹੁਣ ਤੱਕ 272 ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਮੈਡੀਕਲ ਹਸਪਤਾਲਾਂ ਵਿਚ ਡਾਕਟਰਾਂ ਦੀ ਭਰਤੀ ਵੀ ਕਰ ਦਿੱਤੀ ਗਈ ਹੈ ਜਦਕਿ 350 ਹੋਰ ਡਾਕਟਰਾਂ ਅਤੇ 1800 ਪੈਰਾ ਮੈਡੀਕਲ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਸਿਹਤ ਸੰਸਥਾਵਾਂ ਵਿਚ ਡਾਕਟਰਾਂ ਦੀ ਭਰਤੀ ਬਾਰੇ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ, ਜਿਸ ਕਾਰਨ ਵਿਭਾਗ ਵਿਚ ਡਾਕਟਰਾਂ ਦੀ ਭਾਰੀ ਕਮੀ ਰਹੀ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਵਿਭਾਗ ਨਾਲ ਜੋੜੀ ਰੱਖਣ ਲਈ ਉਨ੍ਹਾਂ ਨੂੰ ਯੋਗ ਤਨਖ਼ਾਹਾਂ ਦੇਣ ਦੇ ਨਾਲ-ਨਾਲ ਕੰਮ ਕਰਨ ਲਈ ਉਚਿਤ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੈਡਰੀਐਟ੍ਰਿਕ ਈਕੋ ਕਾਰਡੀਓਗਰਾਫੀ ਮਸ਼ੀਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਈਲਡ ਕੇਅਰ ਫਾਊਂਡੇਸ਼ਨ ਅਤੇ ਐੱਨ. ਬੀ. ਸੀ. ਸੀ. ਦੇ ਸਹਿਯੋਗ ਨਾਲ ਸੂਬੇ ਦੇ ਸਾਰੇ ਵੱਡੇ ਸਰਕਾਰੀ ਹਸਪਤਾਲਾਂ ਵਿਚ ਪੈਡਰੀਐਟ੍ਰਿਕ ਈਕੋ ਕਾਰਡੀਓ ਗਰਾਫੀ ਮਸ਼ੀਨਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।