ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ.ਅਰੁਣ ਬਾਂਸਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਜੇ ਕੁਮਾਰ ਚਿੱਟੇ ਦਾ ਆਦੀ ਸੀ।
ਸਿਵਲ ਹਸਪਤਾਲ ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ 22 ਸਾਲਾ ਅਜੇ ਕੁਮਾਰ ਵਾਸੀ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ੁੱਕਰਵਾਰ ਦੇਰ ਰਾਤ ਅਚਾਨਕ ਮੌਤ ਹੋ ਗਈ। ਮੌਤ ਤੋਂ ਪਹਿਲਾਂ ਉਸ ਦੇ ਸਰੀਰ ਵਿਚ ਦਰਦ ਮਹਿਸੂਸ ਹੋਇਆ, ਜਿਸ ਕਾਰਨ ਉਸ ਨੂੰ ਤੁਰੰਤ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਸੂਚਨਾ ਸਬੰਧਤ ਥਾਣੇ ਦੀ ਪੁਲਿਸ ਤੋਂ ਇਲਾਵਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਚਿੱਟੇ ਦਾ ਆਦੀ ਸੀ ਅਤੇ ਕੁਝ ਦਿਨ ਪਹਿਲਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਉਣ ਲਈ ਉਸ ਨੂੰ ਬਠਿੰਡਾ ਵਿਖੇ ਦਾਖਲ ਕਰਵਾਇਆ ਸੀ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ.ਅਰੁਣ ਬਾਂਸਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਜੇ ਕੁਮਾਰ ਚਿੱਟੇ ਦਾ ਆਦੀ ਸੀ। ਇਸ ਤੋਂ ਪਹਿਲਾਂ ਵੀ ਕਈ ਵਾਰ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਬਠਿੰਡਾ ਵਿਖੇ ਇਲਾਜ ਲਈ ਦਾਖਲ ਕਰਵਾ ਚੁੱਕੇ ਹਨ।
ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਅਚਾਨਕ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ ”ਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਕਿਉਂਕਿ ਨਸ਼ੇ ਦੇ ਆਦੀ ਨੌਜਵਾਨ ਹੋਰ ਵੀ ਕਈ ਬਿਮਾਰੀਆਂ ਤੋਂ ਪੀੜਤ ਹਨ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਦੂਜੇ ਪਾਸੇ ਉਸ ਦੀ ਮਾਂ ਦਾ ਕਹਿਣਾ ਹੈ ਕਿ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਪਿਛਲੇ ਕੁਝ ਸਮੇਂ ਤੋਂ ਚਿੱਟੇ ਦਾ ਆਦੀ ਹੋ ਗਿਆ ਸੀ। ਉਸ ਦਾ ਕਈ ਵਾਰ ਬਠਿੰਡਾ ਵਿਖੇ ਇਲਾਜ ਵੀ ਕਰਵਾਇਆ ਗਿਆ ਪਰ ਉਸਨੇ ਨਸ਼ਾ ਨਹੀਂ ਛੱਡਿਆ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਪੱਲੇਦਾਰ ਦਾ ਕੰਮ ਕਰਦਾ ਸੀ।