ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰ ਰਹੀ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰ ਰਹੀ ਹੈ। ਉਨ੍ਹਾਂ ਨੇ ਬਜਟ ਦੌਰਾਨ ਕੈਂਸਰ ਦੇ ਮਰੀਜ਼ਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਹੈ ਕਿ ਕੈਂਸਰ ਦੇ ਇਲਾਜ ਵਿਚ ਵਰਤੀਆਂ ਜਾਣ ਵਾਲੀਆਂ ਤਿੰਨ ਦਵਾਈਆਂ ਦੀ ਕਸਟਮ ਡਿਊਟੀ ਘਟਾਈ ਜਾਵੇਗੀ, ਜਿਸ ਨਾਲ ਇਨ੍ਹਾਂ ਦਵਾਈਆਂ ਦੀਆਂ ਕੀਮਤਾਂ ਵਿਚ ਕਮੀ ਆਵੇਗੀ। ਇਸ ਦਾ ਸਿੱਧਾ ਲਾਭ ਲੱਖਾਂ ਮਰੀਜ਼ਾਂ ਨੂੰ ਹੋਵੇਗਾ। ਇਸ ਤੋਂ ਇਲਾਵਾ ਐਕਸ-ਰੇ ਮਸ਼ੀਨਾਂ ਸਮੇਤ ਕਈ ਮੈਡੀਕਲ ਉਪਕਰਨਾਂ ‘ਤੇ ਵੀ ਛੋਟ ਦਿੱਤੀ ਜਾਵੇਗੀ। ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤੀਜੀ ਵਾਰ ਐਨਡੀਏ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਾਪਸੀ ਤੋਹਫ਼ਾ ਦਿੱਤਾ ਹੈ। ਵਿੱਤ ਮੰਤਰੀ ਨੇ 2024-25 ਦੇ ਆਮ ਬਜਟ ਵਿੱਚ ਇਨ੍ਹਾਂ ਦੋਵਾਂ ਰਾਜਾਂ ਵਿੱਚ ਵਿਕਾਸ ਕਾਰਜਾਂ ਲਈ ਹਜ਼ਾਰਾਂ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਵਿੱਤ ਮੰਤਰੀ ਨੇ ਇਨ੍ਹਾਂ ਦੋਵਾਂ ਰਾਜਾਂ ਲਈ ਕਿਸੇ ਆਰਥਿਕ ਪੈਕੇਜ ਦਾ ਸਪੱਸ਼ਟ ਐਲਾਨ ਨਹੀਂ ਕੀਤਾ। ਆਰਥਿਕ ਤੌਰ ‘ਤੇ ਪਛੜੇ ਹੋਣ ਕਾਰਨ ਇਹ ਦੋਵੇਂ ਸੂਬੇ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਤੋਂ ਆਰਥਿਕ ਪੈਕੇਜ ਦੀ ਮੰਗ ਕਰ ਰਹੇ ਹਨ।
2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ਦੇ ਸਿਆਸੀ ਹਾਲਾਤ ਬਦਲ ਗਏ ਹਨ। ਭਾਜਪਾ ਨੂੰ ਆਪਣੇ ਦਮ ‘ਤੇ ਬਹੁਮਤ ਨਹੀਂ ਮਿਲਿਆ। ਇਸ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਸਰਕਾਰ ਬਣਾਉਣ ਲਈ ਸਹਿਯੋਗੀਆਂ ਦੇ ਸਮਰਥਨ ਦੀ ਲੋੜ ਸੀ। ਇਸ ਸਮਰਥਨ ਦੇ ਬਦਲੇ ਵਿਚ ਸਹਿਯੋਗੀ ਟੀਡੀਪੀ ਅਤੇ ਜੇਡੀਯੂ ਸਰਕਾਰ ‘ਤੇ ਦਬਾਅ ਬਣਾਉਣ ਵਿਚ ਸਫਲ ਰਹੇ ਹਨ। ਮੋਦੀ ਸਰਕਾਰ ਨੇ ਇਨ੍ਹਾਂ ਦੋਵਾਂ ਰਾਜਾਂ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।