ਸੰਗਤ ਦਰਸ਼ਨ ਕਰਕੇ ਲੋਕ ਹੱਕਾਂ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦੇਣ ਦੀ ਅਪੀਲ ਕੀਤੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਧਨੌਲਾ ਤੇ ਬਰਨਾਲਾ ਵਿਖੇ ਵੱਖ-ਵੱਖ ਥਾਵਾਂ ’ਤੇ ਸੰਗਤ ਦਰਸ਼ਨ ਕਰਕੇ ਲੋਕ ਹੱਕਾਂ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦੇਣ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਭਾਜਪਾ, ਕਾਂਗਰਸ, ਆਪ, ਬਾਦਲ ਦਲ ਸਮੇਤ ਸਾਨੂੰ ਕਿਸੇ ਵੀ ਪਾਰਟੀ ਤੋਂ ਪੰਥ ਤੇ ਪੰਜਾਬ ਦੇ ਭਲੇ ਦੀ ਆਸ ਨਹੀਂ ਹੈ। ਚੋਣਾਂ ਸਮੇਂ ਆ ਕੇ ਇਨ੍ਹਾਂ ਪਾਰਟੀਆਂ ਵੱਲੋਂ ਵੱਡੇ-ਵੱਡੇ ਵਾਅਦੇ ਤਾਂ ਕੀਤੇ ਜਾਂਦੇ ਹਨ ਪਰ ਚੋਣਾਂ ਲੰਘਦੇ ਇਨ੍ਹਾਂ ਪਾਰਟੀਆਂ ਦੇ ਆਗੂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਕੇ ਆਪਣੇ ਨਿੱਜੀ ਹਿੱਤਾਂ ਦੀ ਪ੍ਰਾਪਤੀ ਨੂੰ ਤਰਜੀਹ ਦੇਣ ਲੱਗ ਜਾਂਦੇ ਹਨ। ਮਾਨ ਨੇ ਬੀਤੇ ਦੋ ਸਾਲਾਂ ਦੌਰਾਨ ਵੱਖ-ਵੱਖ ਸਿੱਖ ਆਗੂਆਂ ਦੇ ਦੇਸ਼-ਵਿਦੇਸ਼ ‘ਚ ਹੋਏ ਕਤਲਾਂ ਅਤੇ ਝੂਠੇ ਪੁਲਿਸ ਐਨਕਾਉਂਟਰਾਂ ‘ਚ ਨੌਜਵਾਨਾਂ ਨੂੰ ਮਾਰਨ ਦੀ ਨਿਖੇਧੀ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਪਾਰਟੀ ਦੇ ਸਰਗਰਮ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਹਲਕਾ ਨਿਵਾਸੀ ਹਾਜਰ ਸਨ।