ਮਹਿਲਾ ਕਮਿਸ਼ਨ ਨੇ ਇਸ ਮਾਮਲੇ ‘ਚ ਮੰਗੀ DGP ਤੋਂ ਰਿਪੋਰਟ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕਰ ਕੇ ਭਲਕੇ ਮੰਗਲਵਾਰ ਬਾਅਦ ਦੁਪਹਿਰ 2 ਵਜੇ ਤਕ ਸਟੇਟਸ ਰਿਪੋਰਟ ਮੰਗੀ ਹੈ। ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਸਬੰਧੀ ਵਾਇਰਲ ਹੋਈਆਂ ਵੀਡੀਓ ਦਾ ਨੋਟਿਸ ਲੈਂਦਿਆਂ ਡੀਜੀਪੀ ਪੰਜਾਬ ਨੂੰ ਲਿਖਿਆ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਰਹੇ ਹਨ। ਉਨ੍ਹਾਂ ਦਾ ਸਮਾਜ ਵਿੱਚ ਚੰਗਾ ਰੁਤਬਾ ਹੈ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ ਤੇ ਉਨ੍ਹਾਂ ਦੀਆਂ ਅਜਿਹੀਆਂ ਹਰਕਤਾਂ ਪਹਿਲਾਂ ਵੀ ਜਨਤਕ ਹੋ ਚੁੱਕੀਆਂ ਹਨ। ਕਮਿਸ਼ਨ ਨੇ ਡੀਜੀਪੀ ਤੋਂ ਮੰਗਲਵਾਰ ਬਾਅਦ ਦੁਪਹਿਰ 2 ਵਜੇ ਤਕ ਰਿਪੋਰਟ ਮੰਗੀ ਹੈ।ਦਰਅਸਲ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਬੀ ਜਗੀਰ ਕੌਰ ਤੇ ਚੰਨੀ ਇੱਕ ਥਾਂ ਆਹਮੋ-ਸਾਹਮਣੇ ਹੋਏ ਜਿੱਥੇ ਚਰਨਜੀਤ ਸਿੰਘ ਚੰਨੀ ਨੇ ਜਾਂਦੇ-ਜਾਂਦੇ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਇਆ। ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮਹਿਲਾ ਕਮਿਸ਼ਨ ਨੇ ਇਸ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ।