ਮੁਹਾਲੀ ਦੀ ਅਦਾਲਤ ਵੱਲੋਂ Gippy Grewal ਖ਼ਿਲਾਫ਼ 4 ਜੁਲਾਈ ਨੂੰ ਵਾਰੰਟ ਜਾਰੀ ਕੀਤਾ ਗਿਆ ਸੀ ਅਤੇ ਉਸ ਨੂੰ 10 ਜੁਲਾਈ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ।
ਗੈਂਗਸਟਰ ਦਿਲਪ੍ਰੀਤ ਬਾਬਾ(gangster Dilpreet Baba) ਵੱਲੋਂ ਫਿਰੌਤੀ(Ransom Call) ਮੰਗਣ ਦੇ ਮਾਮਲੇ ’ਚ ਸ਼ਿਕਾਇਤਕਰਤਾ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ(Gippy Grewal) ਪਿਛਲੇ ਕਾਫੀ ਸਮੇਂ ਤੋਂ ਮੁਹਾਲੀ ਅਦਾਲਤ ’ਚ ਪੇਸ਼ ਨਹੀਂ ਹੋ ਰਹੇ ਹਨ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਦੀ ਅਦਾਲਤ ’ਚ ਅੱਜ ਮੰਗਲਵਾਰ ਨੂੰ ਸੀ ਪਰ ਅੱਜ ਵੀ ਗਿੱਪੀ ਗਰੇਵਾਲ ਅਦਾਲਤ ’ਚ ਪੇਸ਼ ਨਹੀਂ ਹੋਏ। ਜ਼ਿਕਰਯੋਗ ਹੈ ਕਿ ਮੁਹਾਲੀ ਦੀ ਅਦਾਲਤ ਵੱਲੋਂ ਗਿੱਪੀ ਗਰੇਵਾਲ ਖ਼ਿਲਾਫ਼ 4 ਜੁਲਾਈ ਨੂੰ ਵਾਰੰਟ ਜਾਰੀ ਕੀਤਾ ਗਿਆ ਸੀ ਅਤੇ ਉਸ ਨੂੰ 10 ਜੁਲਾਈ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਦਾ ਮੰਨਣਾ ਹੈ ਕਿ ਗਿੱਪੀ ਗਰੇਵਾਲ ਇਸ ਮਾਮਲੇ ’ਚ ਸ਼ਿਕਾਇਤਕਰਤਾ ਹੈ ਅਤੇ ਉਸ ਦੀ ਗਵਾਹੀ ਅਤੇ ਪੇਸ਼ੀ ਅਦਾਲਤ ਲਈ ਜ਼ਰੂਰੀ ਹੈ। ਅਦਾਲਤ ਦੇ ਇਸ ਹੁਕਮ ਦੇ ਬਾਵਜੂਦ ਗਿੱਪੀ ਗਰੇਵਾਲ 6 ਅਗਸਤ ਨੂੰ ਅਦਾਲਤ ’ਚ ਪੇਸ਼ ਨਹੀਂ ਹੋਏ, ਜਿਸ ਕਾਰਨ ਅਦਾਲਤ ਨੇ ਮੁੜ ਵਾਰੰਟ ਜਾਰੀ ਕਰਕੇ ਉਸ ਨੂੰ 20 ਅਗਸਤ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਅੱਜ ਦੀ ਸੁਣਵਾਈ ਦੌਰਾਨ ਗਿਪੀ ਗਰੇਵਾਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਇਕ ਫਿਲਮ ਦੀ ਸ਼ੂਟਿੰਗ ਲਈ ਵਿਦੇਸ਼ ਵਿੱਚ ਹੈ ਅਤੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ। ਜਿਸ ਤੋਂ ਬਾਅਦ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਦੀ ਅਦਾਲਤ ਵੱਲੋਂ ਇਸ ਸਬੰਧੀ ਅਗਲੀ ਤਰੀਕ ਦੇ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਮੁੜ ਸੁਣਵਾਈ 3 ਸਤੰਬਰ ਨੂੰ ਤੈਅ ਕੀਤੀ ਗਈ ਹੈ।