ਇਸੇ ਕੜੀ ਤਹਿਤ ਸ਼ੁੱਕਰਵਾਰ ਨੂੰ ਰੈਲੀ ਵਾਲੀ ਥਾਂ ‘ਤੇ ਜਾ ਰਹੇ ਕਿਸਾਨ ਆਗੂਆਂ ਅਤੇ ਔਰਤਾਂ ਨੂੰ ਸ਼ਹਿਰ ਦੇ ਬੱਬਰੀ ਬਾਈਪਾਸ ‘ਤੇ ਪੁਲਿਸ ਅਤੇ ਅਰਧ ਸੈਨਿਕ ਬਲਾ ਦੇ ਜਵਾਨਾਂ ਨੇ ਰੋਕ ਲਿਆ ਜਿਸ ਕਾਰਨ ਬਾਈਪਾਸ ਪੂਰੀ ਤਰ੍ਹਾਂ ਛਾਉਣੀ ਵਿੱਚ ਤਬਦੀਲ ਹੋ ਗਿਆ…
ਕਿਸਾਨ ਆਗੂਆਂ ਵੱਲੋਂ ਅੱਗੇ ਨਾ ਜਾਣ ਦਿੱਤੇ ਜਾਣ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਬਾਈਪਾਸ ’ਤੇ ਧਰਨਾ ਲਾ ਦਿੱਤਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਧਰਨੇ ਅਤੇ ਅੱਤ ਦੀ ਗਰਮੀ ਕਾਰਨ ਆਪਣੀ ਮੰਜ਼ਿਲ ਵੱਲ ਜਾਣ ਵਾਲੇ ਯਾਤਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੀਨਾਨਗਰ ‘ਚ ਹੋ ਰਹੀ ਭਾਜਪਾ ਦੀ ਚੋਣ ਰੈਲੀ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਰਹੇ ਹਨ। ਇਸ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵੱਖ-ਵੱਖ ਥਾਵਾਂ ‘ਤੇ ਆਪਣੇ ਰੋਸ ਦਾ ਪ੍ਰਗਟਾਵਾ ਕਰ ਰਹੀਆਂ ਹਨ। ਜਦੋਂਕਿ ਰੈਲੀ ਵਿੱਚ ਕਿਸੇ ਕਿਸਮ ਦੀ ਗੜਬੜ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਜਦੋਂ ਕਿ ਪਿਛਲੇ ਕਈ ਦਿਨਾਂ ਤੋਂ ਸ਼ੰਭੂ ਸਰਹੱਦ ‘ਤੇ ਦਿੱਤੇ ਜਾ ਰਹੇ ਧਰਨੇ ਦੌਰਾਨ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਿਸ ਕਾਰਨ ਕਿਸਾਨਾਂ ਵਿੱਚ ਕੇਂਦਰ ਸਰਕਾਰ ਪ੍ਰਤੀ ਭਾਰੀ ਗੁੱਸਾ ਹੈ ਅਤੇ ਪੰਜਾਬ ਵਿੱਚ ਥਾਂ-ਥਾਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।





