ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਕੈਨੇਡਾ ਅਤੇ ਭਾਰਤ ਦੇ ਮੁੜ ਰਿਸ਼ਤੇ ਵਿਗੜ ਸਕਦੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਉੱਪਰ ਲਾਏ ਇਲਜ਼ਾਮਾਂ ਤੋਂ ਬਾਅਦ ਭਾਰਤ ਸਰਕਾਰ ਨੇ ਮੁੜ ਕੈਨੇਡਾ ਤੋਂ ਸਬੂਤ ਮੰਗ ਲਏ ਹਨ। ਦਰਅਸਲ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਕੈਨੇਡੀਅਨ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦੀਆਂ ਏਜੰਸੀਆਂ ਦਾ ਹੱਥ ਹੈ।
ਇਹਨਾਂ ਦੋਸ਼ਾਂ ‘ਤੇ ਭਾਰਤ ਨੇ ਕੈਨੇਡਾ ਤੋਂ ਮੁੜ ਸਬੂਤ ਮੰਗੇ ਹਨ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਨਿੱਝਰ ਦੇ ਕਤਲ ਦੀ ਜਾਂਚ ਉੱਥੋਂ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਬਿਆਨ ਨਾਲ ਪ੍ਰਭਾਵਿਤ ਹੋਈ ਹੈ।
ਇਸ ਨਾਲ ਕੈਨੇਡੀਅਨ ਪੁਲਿਸ ਦੀ ਜਾਂਚ ‘ਤੇ ਵੀ ਸਵਾਲ ਖੜੇ ਹੋ ਗਏ ਹਨ। ਭਾਰਤੀ ਹਾਈ ਕਮਿਸ਼ਨਰ ਨੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਕਿ ਭਾਰਤ ‘ਤੇ ਦੋਸ਼ ਲਾਉਣ ਦੀਆਂ ਹਦਾਇਤਾਂ ਉਪਰੋਂ ਆਈਆਂ ਸਨ। ਹਾਲਾਂਕਿ ਉਨ੍ਹਾਂ ਨੇ ਕਿਸੇ ਦਾ ਨਾਂ ਨਹੀਂ ਲਿਆ। ਵਰਮਾ ਨੇ ਕਿਹਾ, ਨਿੱਝਰ ਦੇ ਕਤਲ ਲਈ ਭਾਰਤ ਅਤੇ ਉਸ ਦੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਕੈਨੇਡਾ ਦੇ ਉੱਚ ਪੱਧਰੀ ਅਧਿਕਾਰੀਆਂ ਤੋਂ ਪਹਿਲਾਂ ਹੀ ਆਦੇਸ਼ ਆ ਚੁੱਕੇ ਹਨ।
ਹਾਲਾਂਕਿ, ਸਾਨੂੰ ਕੋਈ ਠੋਸ ਸਬੂਤ ਨਹੀਂ ਦਿਖਾਇਆ ਗਿਆ। ਵਰਮਾ ਨੇ ਕਿਹਾ- ਸਾਨੂੰ ਜਾਂਚ ਵਿੱਚ ਮਦਦ ਲਈ ਕੋਈ ਖਾਸ ਜਾਣਕਾਰੀ ਨਹੀਂ ਦਿੱਤੀ ਗਈ ਸੀ। ਕਿੱਥੇ ਹੈ ਜਾਂਚ ਰਿਪੋਰਟ ?
13 ਜੂਨ 2023 ਨੂੰ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਦੇ ਸਰੀ ਵਿੱਚ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ।