ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਇੱਕ ਪੱਤਰ ਲਿਖ ਕੇ ਕਾਂਗਰਸ ਦੀ ਤਾਰੀਫ਼ ਕੀਤੀ ਹੈ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਚਿੱਠੀ ਲਿਖ ਕੇ ਆਪਣੀ ਪਾਰਟੀ ਦੀ ਤਾਰੀਫ਼ ਕੀਤੀ ਹੈ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ ਅਤੇ ਉਨ੍ਹਾਂ ‘ਤੇ ਚੋਣ ਪ੍ਰਚਾਰ ਦੌਰਾਨ ‘ਨਫ਼ਰਤ ਭਰੇ ਭਾਸ਼ਣ’ ਦੇ ਕੇ ਜਨਤਕ ਚਰਚਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ।
1 ਜੂਨ ਨੂੰ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਸਿੰਘ ਨੇ ਕਿਹਾ ਕਿ ਸਿਰਫ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਕੀਤੀ ਜਾਵੇਗੀ।
ਸੀਨੀਅਰ ਕਾਂਗਰਸੀ ਆਗੂ ਨੇ ਹਥਿਆਰਬੰਦ ਬਲਾਂ ਲਈ ਗਲਤ ਢੰਗ ਨਾਲ ਤਿਆਰ ਕੀਤੀ ਗਈ ਅਗਨੀਵੀਰ ਯੋਜਨਾ ਨੂੰ ਲਾਗੂ ਕਰਨ ਲਈ ਭਾਜਪਾ ਸਰਕਾਰ ‘ਤੇ ਵੀ ਹਮਲਾ ਬੋਲਿਆ। ਪੰਜਾਬ ਦੇ ਵੋਟਰਾਂ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਸੋਚਦੀ ਹੈ ਕਿ ਦੇਸ਼ ਭਗਤੀ, ਬਹਾਦਰੀ ਅਤੇ ਸੇਵਾ ਦਾ ਮੁੱਲ ਸਿਰਫ਼ ਚਾਰ ਸਾਲ ਹੈ। ਇਹ ਉਨ੍ਹਾਂ ਦਾ ਜਾਅਲੀ ਰਾਸ਼ਟਰਵਾਦ ਦਰਸਾਉਂਦਾ ਹੈ।
ਮੋਦੀ ‘ਤੇ ਹਮਲਾ ਕਰਦਿਆਂ ਸਿੰਘ ਨੇ ਕਿਹਾ ਕਿ ਮੈਂ ਇਸ ਚੋਣ ਪ੍ਰਚਾਰ ਦੌਰਾਨ ਸਿਆਸੀ ਚਰਚਾਵਾਂ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ। ਮੋਦੀ ਨੇ ਸਭ ਤੋਂ ਵੱਧ ਨਫ਼ਰਤ ਭਰੇ ਭਾਸ਼ਣ ਦਿੱਤੇ ਹਨ, ਜੋ ਪੂਰੀ ਤਰ੍ਹਾਂ ਵੰਡਣ ਵਾਲੇ ਹਨ। ਮੋਦੀ ਜੀ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਜਨਤਕ ਚਰਚਾਵਾਂ ਦਾ ਮਾਣ ਘਟਾਇਆ ਹੈ ਅਤੇ ਇਸ ਤਰ੍ਹਾਂ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸ਼ਾਨ ਨੂੰ ਵੀ ਘਟਾਇਆ ਹੈ।
ਮਨਮੋਹਨ ਸਿੰਘ ਨੇ ਕਿਹਾ ਕਿ ਅੱਜ ਤੱਕ ਮੈਂ ਕਦੇ ਵੀ ਕਿਸੇ ਪ੍ਰਧਾਨ ਮੰਤਰੀ ਨੂੰ ਸਮਾਜ ਦੇ ਕਿਸੇ ਵਿਸ਼ੇਸ਼ ਵਰਗ ਜਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਅਜਿਹੇ ਨਫ਼ਰਤ ਭਰੇ, ਗੈਰ-ਸੰਸਦੀ ਅਤੇ ਰੁੱਖੇ ਸ਼ਬਦਾਂ ਦੀ ਵਰਤੋਂ ਕਰਦਿਆਂ ਨਹੀਂ ਦੇਖਿਆ। ਮਨਮੋਹਨ ਨੇ ਇਹ ਵੀ ਕਿਹਾ ਕਿ ਪੀਐਮ ਮੋਦੀ ਨੇ ਵੀ ਮੇਰੇ ਨਾਂ ‘ਤੇ ਕੁਝ ਗਲਤ ਬਿਆਨ ਦਿੱਤੇ ਹਨ। ਮੈਂ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਇੱਕ ਭਾਈਚਾਰੇ ਨੂੰ ਦੂਜੇ ਤੋਂ ਵੱਖ ਨਹੀਂ ਕੀਤਾ। ਇਹ ਸਿਰਫ਼ ਭਾਜਪਾ ਦਾ ਕਾਪੀਰਾਈਟ ਹੈ। ਮੋਦੀ ਨੇ ਮਨਮੋਹਨ ਸਿੰਘ ‘ਤੇ ਦੋਸ਼ ਲਗਾਇਆ ਸੀ ਕਿ ਦੇਸ਼ ਦੇ ਸੰਸਾਧਨਾਂ ‘ਤੇ ਪਹਿਲਾ ਹੱਕ ਮੁਸਲਮਾਨਾਂ ਦਾ ਹੈ।