ਅਦਾਲਤ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖ਼ਾਨ ਨੂੰ ਸਿਫਰ ਕੇਸ ਵਿੱਚ 10 ਸਾਲ ਦੀ ਸਜ਼ਾ ਸੁਣਾਈ ਹੈ। ਇਮਰਾਨ ਦੇ ਨਾਲ-ਨਾਲ ਉਨ੍ਹਾਂ ਦੇ ਸਹਿਯੋਗੀ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਮਰਾਨ ਖਾਨ ਇਸ ਸਮੇਂ ਰਾਵਲਪਿੰਡੀ ਦੀ ਅਦਿਆਲਾ ਜੇਲ ‘ਚ ਬੰਦ ਹਨ ਅਤੇ ਉਥੇ ਹੀ ਇਸ ਮਾਮਲੇ ਦਾ ਫੈਸਲਾ ਸੁਣਾਇਆ ਗਿਆ। ਵਿਸ਼ੇਸ਼ ਅਦਾਲਤ ਦੇ ਇਸ ਫੈਸਲੇ ਨੂੰ ਇਮਰਾਨ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ ਪਾਕਿਸਤਾਨ ਵਿੱਚ ਆਮ ਚੋਣਾਂ ਲੜਨਾ ਚਾਹੁੰਦੇ ਸਨ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਨੂੰ 10-10 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਚੋਣ ਲੜਨ ਦਾ ਰਸਤਾ ਬੰਦ ਹੋ ਗਿਆ ਹੈ।
ਹਾਲਾਂਕਿ ਉਨ੍ਹਾਂ ਕੋਲ ਅਜੇ ਵੀ ਉੱਚ ਅਦਾਲਤ ਵਿਚ ਅਪੀਲ ਕਰਨ ਦੇ ਰਾਹ ਹਨ, ਪਰ ਜਿਸ ਤਰ੍ਹਾਂ ਉਨ੍ਹਾਂ ਦਾ ਫੌਜ ਨਾਲ ਝਗੜਾ ਚੱਲ ਰਿਹਾ ਹੈ, ਉਸ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਦਾਲਤਾਂ ਤੋਂ ਬਹੁਤੀ ਰਾਹਤ ਨਹੀਂ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਚੋਣਾਂ ਤੋਂ ਠੀਕ ਪਹਿਲਾਂ ਇਮਰਾਨ ਖਾਨ ਦਾ ਚੋਣ ਨਿਸ਼ਾਨ ਬੱਲਾ ਵੀ ਉਨ੍ਹਾਂ ਦੀ ਪਾਰਟੀ ਤੋਂ ਖੋਹ ਲਿਆ ਗਿਆ ਸੀ।
ਕੀ ਹੈ ਸਿਫਰ ਕੇਸ?
ਇਮਰਾਨ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਦੇ ਖਿਲਾਫ ਸਿਫਰ ਦਾ ਇਹ ਮਾਮਲਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਇਮਰਾਨ ਖਾਨ ‘ਤੇ ਟੌਪ ਸੀਕ੍ਰੇਟ ਜਾਣਕਾਰੀ ਦੀ ਨਿੱਜੀ ਵਰਤੋਂ ਕਰਨ ਦਾ ਦੋਸ਼ ਹੈ। ਸੱਤਾ ਤੋਂ ਬੇਦਖਲ ਹੋਣ ਤੋਂ ਬਾਅਦ ਇਮਰਾਨ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੀ ਬੇਦਖਲੀ ਪਿੱਛੇ ਅਮਰੀਕਾ ਦਾ ਹੱਥ ਹੈ।
ਇਸ ਦੇ ਲਈ ਇਮਰਾਨ ਨੇ ਕਿਹਾ ਕਿ ਵਾਸ਼ਿੰਗਟਨ ਸਥਿਤ ਪਾਕਿਸਤਾਨ ਦੂਤਾਵਾਸ ਨੇ ਉਨ੍ਹਾਂ ਨੂੰ ਇੱਕ ਕੇਬਲ (ਟੇਪ ਜਾਂ ਗੁਪਤ ਸੂਚਨਾ) ਭੇਜੀ ਸੀ। ਇਮਰਾਨ ਖਾਨ ਨੇ ਆਪਣੇ ਸਿਆਸੀ ਫਾਇਦੇ ਲਈ ਵਿਵਾਦਤ ਕੂਟਨੀਤਕ ਗੱਲਬਾਤ ਨੂੰ ਜਨਤਕ ਕੀਤਾ ਸੀ। ਇਸ ਨੂੰ ‘ਸਿਫਰ’ ਕਿਹਾ ਜਾਂਦਾ ਸੀ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਿੱਚ 8 ਫਰਵਰੀ ਨੂੰ ਆਮ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਤਨ ਪਰਤ ਆਏ ਹਨ। ਉਹ ਸਾਲ 2019 ਵਿੱਚ ਪਾਕਿਸਤਾਨ ਛੱਡ ਕੇ ਬਰਤਾਨੀਆ ਵਿੱਚ ਰਹਿਣ ਲੱਗ ਪਏ ਸੀ। ਹਾਲ ਹੀ ‘ਚ ਹਾਈ ਕੋਰਟ ਨੇ ਨਵਾਜ਼ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਉਹ ਵਾਪਸ ਪਰਤ ਆਏ ਸਨ।