ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਵਨ ਵਿਖੇ ਕਿਸਾਨ ਜੱਥੇਬੰਦੀਆਂ ਨਾਲ ਬੈਠਕ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ 33 ਜੱਥੇਬੰਦੀਆਂ ਦੇ ਆਗੂਆਂ ਨੂੰ ਬੁਲਾਇਆ ਗਿਆ ਹੈ। ਇਸ ‘ਚ ਸਾਰੀਆਂ ਪ੍ਰਮੁੱਖ ਕਿਸਾਨ ਯੂਨੀਅਨਾਂ ਸ਼ਾਮਲ ਹਨ। ਮੀਟਿੰਗ ‘ਚ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ‘ਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲ ਦੀ ਖ਼ਰੀਦ ਦੀ ਗਾਰੰਟੀ, ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨਾ, ਲਖੀਮਪੁਰ ਖੇੜੀ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼, ਮੁਕੰਮਲ ਕਰਜ਼ਾ ਮੁਆਫ਼ੀ ਅਤੇ ਪ੍ਰਾਈਵੇਟ ਬਿਜਲੀ ਬਿੱਲਾਂ ਨੂੰ ਰੱਦ ਕਰਨਾ ਆਦਿ ਸ਼ਾਮਲ ਹਨ।
ਕੁੱਝ ਦਿਨ ਪਹਿਲਾਂ ਕਿਸਾਨ ਜੱਥੇਬੰਦੀਆਂ ਵੱਲੋਂ ਇਨ੍ਹਾਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਧਰਨਾ ਦਿੱਤਾ ਗਿਆ ਸੀ ਪਰ ਬਾਅਦ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਕਰਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਮੰਗ ਪੱਤਰ ਸੌਂਪਣ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਕੇ ਧਰਨਾ ਸਮਾਪਤ ਕਰ ਦਿੱਤਾ।
ਹੁਣ ਇਹ ਮੀਟਿੰਗ ਇਸ ਅੰਦੋਲਨ ਦੀਆਂ ਮੰਗਾਂ ਨੂੰ ਲੈ ਕੇ ਹੋਣ ਜਾ ਰਹੀ ਹੈ। ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਰਅਸਲ, ਧਰਨਾ ਸਮਾਪਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਸੀ। ਕਿਸਾਨ ਜੱਥੇਬੰਦੀਆਂ ਗੰਨੇ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਜੀ. ਟੀ. ਰੋਡ ਤੇ ਪ੍ਰਦਰਸ਼ਨ ਕਰ ਰਹੀਆਂ ਸਨ। ਕਿਸਾਨਾਂ ਨੇ ਰੇਲਵੇ ਟਰੈਕ ‘ਤੇ ਧਰਨਾ ਵੀ ਦਿੱਤਾ ਸੀ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਸਨ। ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ 380 ਰੁਪਏ ਪ੍ਰਤੀ ਕੁਇੰਟਲ ਹੈ, ਕਿਸਾਨ ਇਸ ਨੂੰ ਵਧਾ ਕੇ 450 ਰੁਪਏ ਕਰਨ ਦੀ ਮੰਗ ਕਰ ਰਹੇ ਹਨ।