ਫਰੀਦਕੋਟ ਬੇਅਦਬੀ ਕਾਂਡ ਤੋਂ ਬਾਅਦ ਅਕਤੂਬਰ 2015 ਵਿੱਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਯਾਨੀ SIT ਨੇ ਮੰਗਲਵਾਰ ਨੂੰ ਅਦਾਲਤ ਵਿੱਚ ਫਾਇਨਲ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਸਟੇਟਸ ਰਿਪੋਰਟ ਪੇਸ਼ ਹੋਣ ਤੋਂ ਬਾਅਦ ਦੋਸ਼ ਆਇਦ ਕਰਨ ਲਈ ਸੁਣਵਾਈ ਦਾ ਰਾਹ ਪੱਧਰਾ ਹੋ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦੇ ਨੁਮਾਇੰਦੇ ਵਜੋਂ ਇੰਸਪੈਕਟਰ ਇਕਬਾਲ ਸਿੰਘ ਨੇ ਸੀਲਬੰਦ ਸਟੇਟਸ ਰਿਪੋਰਟ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਪੇਸ਼ ਕੀਤੀ ਹੈ।
ਅਦਾਲਤ ਨੇ ਰਿਪੋਰਟ ਪੇਸ਼ ਕਰਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 29 ਜਨਵਰੀ ਨੂੰ ਤੈਅ ਕੀਤੀ ਹੈ। ਵਰਨਣਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪਹਿਲਾਂ ਕੀਤੀ ਗਈ ਜਾਂਚ ਨੂੰ ਰੱਦ ਕਰਦਿਆਂ ਮੁੜ ਜਾਂਚ ਦੇ ਹੁਕਮ ਦਿੱਤੇ ਸਨ। ਇਸ ਕਾਰਨ IG ਐਲ. ਕੇ ਯਾਦਵ ਦੀ ਅਗਵਾਈ ਵਿੱਚ ਬਣਾਈ ਗਈ SIT ਨੇ ਕੇਸ ਦੀ ਮੁੜ ਜਾਂਚ ਕੀਤੀ ਅਤੇ ਨਵੰਬਰ 2023 ਵਿੱਚ ਚਲਾਨ ਪੇਸ਼ ਕੀਤਾ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਬਹਿਬਲ ਕਲਾਂ ਗੋਲੀਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਇਕੱਠੀ ਹੋਣੀ ਹੈ। ਬਹਿਬਲ ਕੇਸ ਵਿੱਚ SIT ਪਹਿਲਾਂ ਹੀ ਸਟੇਟਸ ਰਿਪੋਰਟ ਪੇਸ਼ ਕਰ ਚੁੱਕੀ ਹੈ ਜਦੋਂਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸਟੇਟਸ ਰਿਪੋਰਟ ਪੇਸ਼ ਹੋਣ ਤੋਂ ਬਾਅਦ ਦੋਸ਼ ਆਇਦ ਕਰਨ ਲਈ ਸੁਣਵਾਈ ਦਾ ਰਾਹ ਪੱਧਰਾ ਹੋ ਗਿਆ ਹੈ।