ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਤਰਨਤਾਰਨ ਦੇ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਚੌਕ ਚਾਰ ਖੰਭਾਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਸ਼ਰਧਾਲੂਆਂ ਨੂੰ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਕਿੱਟਾਂ ਅਤੇ ਹੋਰ ਵੀ ਖਾਣ-ਪੀਣ ਦਾ ਸਾਮਾਨ ਵੀ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੱਸ ਸ਼੍ਰੀ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁੂਰਨੀ, ਮਾਤਾ ਜਵਾਲਾ ਜੀ ਅਤੇ ਹੋਰ ਵੀ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਹੁੰਦੀ ਹੋਈ ਵਾਪਸ ਤਰਨਤਾਰਨ ਪਰਤੇਗੀ।
ਇਸ ਮੌਕੇ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉੱਦਮਾਂ ਸਦਕਾ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਤਹਿਤ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੇ ਆਉਣ ਜਾਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸੀ, ਉਨ੍ਹਾਂ ਨੂੰ ਇੱਕ-ਇੱਕ ਕਰ ਕੇ ਪੂਰਾ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਸੂਦ ਬੌਬੀ ਨੇ ਦੱਸਿਆ ਕਿ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਹਲਕੇ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਦਾ ਤਰਨਤਾਰਨ ਦੇ ਲੋਕਾਂ ਨੇ ਵੱਡੀ ਗਿਣਤੀ ‘ਚ ਲਾਭ ਲਿਆ ਹੈ ਅਤੇ ਜੋ ਲੋਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਾ ਚਾਹੁੰਦੇ ਸਨ ਪਰ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਯਾਤਰਾ ਨਹੀਂ ਸੀ ਕਰ ਪਾਉਂਦੇ, ਪਰ ਮੁੱਖ ਮੰਤਰੀ ਨੇ ਇਨ੍ਹਾਂ ਉੱਦਮਾਂ ਸਦਕਾ ਅੱਜ ਵੱਡੀ ਗਿਣਤੀ ‘ਚ ਲੋਕ ਇਸ ਸਕੀਮ ਦਾ ਲਾਹਾ ਲੈ ਰਹੇ ਹਨ। ਇਸ ਮੌਕੇ ਸ਼ਰਧਾਲੂਆਂ ਨੇ ਵੀ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।