ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵੀ ਸੁਪਰੀਮ ਕੋਰਟ ਪਹੁੰਚੀ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦੀ ਮੈਂਬਰਸ਼ਿਪ ਨੂੰ ਚੁਣੌਤੀ ਦੇਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ।
ਵਿਕਰਮਜੀਤ ਸਿੰਘ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ 25 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਵਿੱਚ ਪੁੱਜੇ ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਇਲਜ਼ਾਮ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ ਅਤੇ ਆਪਣੇ ਚੋਣ ਖਰਚੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਜਿਵੇਂ ਕਿ ਉਹਨਾਂ ਦੀ ਹਮਾਇਤ ਵਿਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਪੈਸਾ ਕਿੱਥੇ ਖਰਚ ਕੀਤਾ ਗਿਆ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਹਨਾਂ ਨੇ ਅੰਮ੍ਰਿਤਪਾਲ ਸਿੰਘ ‘ਤੇ ਧਾਰਮਿਕ ਪਛਾਣ ਦੀ ਵਰਤੋਂ ਕਰਕੇ ਧਰਮ ਦੇ ਨਾਂ ‘ਤੇ ਵੋਟਾਂ ਮੰਗਣ ਦਾ ਇਲਜ਼ਾਮ ਲਾਇਆ ਹੈ।
ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ ਮਾਮਲਾ
ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵੀ ਸੁਪਰੀਮ ਕੋਰਟ ਪਹੁੰਚੀ ਸੀ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾਵਾਂ ਨਾਲ ਸੰਬੰਧਿਤ ਹੈ, ਅਤੇ ਜੋ ਕਹਿੰਦਾ ਹੈ ਕਿ ਕੋਈ ਵੀ ਵਿਅਕਤੀ ਉਦੋਂ ਤੱਕ ਸੰਸਦ ਵਿੱਚ ਸੀਟ ਭਰਨ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਭਾਰਤ ਦਾ ਨਾਗਰਿਕ ਨਹੀਂ ਹੁੰਦਾ।
ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਸੀ ਕਿ ਇਸ ਦੇ ਲਈ ਪ੍ਰਕਿਰਿਆਵਾਂ ਨਿਰਧਾਰਿਤ ਹਨ ਅਤੇ ਲੋਕ ਪ੍ਰਤੀਨਿਧਤਾ ਐਕਟ ਵਿਚ ਵਿਵਸਥਾਵਾਂ ਹਨ।
ਆਸਾਮ ਦੀ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ‘ਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਨੂੰ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਅਜਨਾਲਾ ਥਾਣੇ ‘ਤੇ ਹਮਲੇ ਸਮੇਤ ਕਈ ਐੱਫ.ਆਈ.ਆਰਜ਼ ‘ਚ ਵੀ ਅੰਮ੍ਰਿਤਪਾਲ ਸਿੰਘ ਮੁਲਜ਼ਮ ਹਨ। ਜੇਲ੍ਹ ਵਿੱਚ ਰਹਿੰਦਿਆਂ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਦੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀਆਂ ਹਨ।
ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਖਡੂਰ ਸਾਹਿਬ ਤੋਂ ਜਿੱਤਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਗਈ ਸੀ।