ਤਰਨਤਾਰਨ : ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਬੀਤੀ ਦੇਰ ਰਾਤ ਘਰ ਵਿਚ ਦਾਖਲ ਹੋ ਕੇ ਇਕ ਜਿਮ ਮਾਲਕ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਵਾਰਦਾਤ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਕਰਿਆਲਾ ਜੋ ਕਰੀਬ ਅੱਠ ਸਾਲ ਵਿਦੇਸ਼ ਵਿਚ ਕੰਮ ਕਰਨ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਹੀ ਪਿੰਡ ਪੁੱਜਾ ਸੀ ਅਤੇ ਜਿਮ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਬੀਤੀ ਰਾਤ ਕਰੀਬ ਡੇਢ ਵਜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਣਜੀਤ ਸਿੰਘ ਦੇ ਘਰ ਅੰਦਰ ਦਾਖਲ ਹੁੰਦੇ ਹੋਏ ਉਸ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਦਿੱਤੀਆਂ ਗਈਆਂ ਜਦੋਂ ਉਹ ਕਮਰੇ ਵਿਚ ਆਪਣੀ ਪਤਨੀ ਅਤੇ ਬੇਟੇ ਨਾਲ ਸੁੱਤਾ ਪਿਆ ਸੀ। ਕਤਲ ਦੀ ਵਾਰਦਾਤ ਦੀ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਰਣਜੀਤ ਸਿੰਘ ਦੇ ਸਰੀਰ ਉੱਪਰ ਪੰਜ ਗੋਲੀਆਂ ਵੱਜਣ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਘਰ ਵਿਚ ਮੌਜੂਦ ਪਿਤਾ ਮਲੂਕ ਸਿੰਘ ਜਦੋਂ ਹਮਲਾਵਰਾਂ ਨੂੰ ਫੜਨ ਲਈ ਅੱਗੇ ਹੋਇਆ ਤਾਂ ਉਸ ਨੂੰ ਧੱਕਾ ਮਾਰ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਣਜੀਤ ਸਿੰਘ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਦੀ ਕਿਸੇ ਨਾਲ ਕੋਈ ਵੀ ਰੰਜਿਸ਼ ਨਹੀਂ ਸੀ ਪਰ ਉਸਦੇ ਬੇਟੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਨਾਲ ਉਸ ਦਾ ਘਰ ਉੱਜੜ ਚੁੱਕਾ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੱਟੀ ਦੇ ਮੁਖੀ ਗੁਰਤੇਜ ਸਿੰਘ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਨੇ ਪੁਲਸ ਪ੍ਰਸ਼ਾਸਨ ਦੀ ਰਾਤ ਸਮੇਂ ਕੀਤੀ ਜਾਣ ਵਾਲੀ ਗਸ਼ਤ ਦੀ ਪੋਲ-ਖੋਲ੍ਹ ਕੇ ਰੱਖ ਦਿੱਤੀ ਹੈ।