ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ 13 ਜੂਨ ਤੱਕ ਜਵਾਬ ਮੰਗ ਲਿਆ ਹੈ।
ਹਰਜਿੰਦਰ ਸਿੰਘ ਉਰਫ ਜਿੰਦਾ ਨਾਂ ਦੇ ਵਿਅਕਤੀ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਹੋਈ ਐੱਫਆਈਆਰ ਨੂੰ ਰੱਦ ਕਰਨ ਦੇ ਸੈਸ਼ਨ ਕੋਰਟ ਨਕੋਦਰ ਦੇ ਹੁਕਮਾਂ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ 13 ਜੂਨ ਤੱਕ ਜਵਾਬ ਮੰਗ ਲਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਗੁਰਦਾਸ ਮਾਨ ਨੇ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਵੰਸ਼ਜ ਦੱਸਿਆ ਤੇ ਉਨ੍ਹਾਂ ਦੀ ਤੁਲਨਾ ਗੁਰੂਆਂ ਨਾਲ ਕੀਤੀ ਹੈ ਜੋ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।
ਇਥੇ ਦੱਸਣਯੋਗ ਹੈ ਕਿ ਜਦੋਂ ਇਹ ਮਾਮਲਾ ਵਧ ਗਿਆ ਸੀ ਤਾਂ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ’ਤੇ ਉਕਤ ਬਿਆਨਾਂ ਨੂੰ ਲੈ ਕੇ ਪਛਤਾਵਾ ਜ਼ਾਹਿਰ ਕੀਤਾ ਸੀ ਜਿਸ ਨੂੰ ਪਟੀਸ਼ਨ ਵਿਚ ਨੱਥੀ ਕੀਤਾ ਗਿਆ ਹੈ।
ਪਟੀਸ਼ਨਰ ਦਾ ਕਹਿਣਾ ਹੈ ਕਿ ਸੈਸ਼ਨ ਕੋਰਟ ਨੇ ਸਬੂਤਾਂ ਨੂੰ ਨਜ਼ਰਅੰਦਾਜ਼ ਕੀਤਾ ਤੇ ਉਨ੍ਹਾਂ ਦੀ ਸਮੀਖਿਆ ਤੱਕ ਨਹੀਂ ਕੀਤੀ। ਇਥੋਂ ਤੱਕ ਕਿ ਐੱਫਆਈਆਰ ਰੱਦ ਕਰਨ ਦੇ ਹੁਕਮਾਂ ਨੂੰ ਲੈ ਕੇ ਦਾਖਲ ਹੋਈ ਮੁੜ ਵਿਚਾਰ ਪਟੀਸ਼ਨ ਵੀ ਖਾਰਜ ਕਰ ਦਿੱਤੀ। ਪਟੀਸ਼ਨਰ ਨੇ ਕਿਹਾ ਕਿ ਉਨ੍ਹਾਂ ਕੋਲ ਪੁਖ਼ਤਾ ਸਬੂਤ ਹਨ ਜਿਨ੍ਹਾਂ ਨੂੰ ਦੇਖ ਕੇ ਸਪੱਸ਼ਟ ਹੁੰਦਾ ਹੈ ਕਿ ਗੁਰਦਾਸ ਮਾਨ ਨੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।