ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੀ.ਐੱਮ. ਵਿੰਡੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਦੇ ਕਮਰਾ ਨੰਬਰ 113 ਵਿਖੇ ਸਥਾਪਤ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਸਥਾਪਤ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੀ.ਐੱਮ. ਵਿੰਡੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਦੇ ਕਮਰਾ ਨੰਬਰ 113 ਵਿਖੇ ਸਥਾਪਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ਦਾ ਇੰਚਾਰਜ ਸੀ.ਐੱਮ. ਫੀਲਡ ਅਫ਼ਸਰ ਨੂੰ ਲਗਾਇਆ ਗਿਆ ਅਤੇ ਨਾਲ ਹੀ ਹੋਰ ਦਫ਼ਤਰੀ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ਵਿੱਚ ਪਬਲਿਕ ਦੇ ਬੈਠਣ ਦਾ, ਪੀਣ ਲਈ ਪਾਣੀ ਆਦਿ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵਿਖੇ ਆਪਣੀ ਸ਼ਿਕਾਇਤ/ਦਰਖ਼ਾਸਤ ਲੈ ਕੇ ਆਵੇਗਾ ਉਨ੍ਹਾਂ ਦਾ ਮੌਕੇ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਮਸਲਿਆਂ ਦਾ ਨਿਪਟਾਰਾ ਰਾਜ ਪੱਧਰ ’ਤੇ ਹੋਣਾ ਹੈ ਉਨ੍ਹਾਂ ਬਾਰੇ ਸਿਕਾਇਤ ਦੀ ਕਾਪੀ ਅਤੇ ਡਿਪਟੀ ਕਮਿਸ਼ਨਰ ਦੀ ਤਜਵੀਜ਼ ਤਿੰਨ ਦਿਨਾਂ ਦੇ ਅੰਦਰ-ਅੰਦਰ ਮੁੱਖ ਮੰਤਰੀ ਦਫ਼ਤਰ ਅਤੇ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੂੰ ਭੇਜੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਗੇ ਦੱਸਿਆ ਕਿ ਸ਼ਿਕਾਇਤ/ਦਰਖ਼ਾਸਤ ਦੇਣ ਵਾਲੇ ਵਿਅਕਤੀ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਫੋਨ ਕਰਕੇ ਉਸਦੀ ਅਰਜ਼ੀ ਉਪਰ ਹੋ ਰਹੀ ਕਾਰਵਾਈ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਫੋਲੋ-ਅਪ ਲਈ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਇੱਕ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵੱਲੋਂ ਸਾਰੀਆਂ ਸ਼ਿਕਾਇਤਾਂ ਇਸ ਸਾਫ਼ਟਵੇਅਰ ਵਿੱਚ ਦਰਜ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਹਰ ਹਫ਼ਤੇ ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਥਿਤੀ ਦਾ ਰੀਵਿਊ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸੀ.ਐੱਮ. ਡੈਸ਼ਬੋਰਡ ’ਤੇ ਵੀ ਉਪਲੱਬਧ ਹੋਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਮਸਲੇ/ਦਰਖ਼ਾਸਤ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਹਨ ਤਾਂ ਉਨ੍ਹਾਂ ਨੂੰ ਹੁਣ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਹੈ, ਉਹ ਆਪਣੀ ਦਰਖ਼ਾਸਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਦੇ ਕਮਰਾ ਨੰਬਰ 113 ਵਿਖੇ ਸਥਾਪਤ ਕੀਤੇ ਗਈ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਦੇ ਸਕਦੇ ਹਨ।