ਬਾਦਲ ਨੇ ਕਿਹਾ ਕਿ ਲੋਕਾਂ ਵਿਚ ਰੋਸ ਫੈਲਣ ਮਗਰੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਬੁਖਲਾ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੇ ਦਿੱਲੀ ਅਧਾਰਤ ਪਾਰਟੀਆਂ ਖ਼ਿਲਾਫ਼ ਤੂਫਾਨ ਖੜ੍ਹਾ ਕਰ ਦਿੱਤਾ ਹੈ ਜੋ ਲੋਕ ਸਭਾ ਚੋਣਾਂ ਵਿਚ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਮਾਤ ਪਾ ਦੇਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਆਰਪੀ ਸਿੰਘ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਰਪੀ ਸਿੰਘ ਦਾ ਗੁੱਜਰ ਭਾਈਚਾਰੇ ਵਿਚ ਵੱਡਾ ਸਨਮਾਨ ਹੈ ਅਤੇ ਉਨ੍ਹਾਂ ਦੇ ਆਉਣ ਨਾਲ ਬਲਾਚੌਰ ਵਿਚ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ।ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਸੋਮਵਾਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਦੇ ਨਾਲ ਬਲਾਚੌਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬੀਆਂ ਨੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਕ ਵਿਚ ਪਾਰਲੀਮਾਨੀ ਚੋਣਾਂ ਵਿਚ ਭੁਗਤਣ ਦਾ ਫ਼ੈਸਲਾ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਹੋਰ ਪਾਰਟੀਆਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨਾ ਵੀ ਔਖਾ ਹੋ ਗਿਆ ਹੈ ਤੇ ਲੋਕ ਉਨ੍ਹਾਂ ਨੂੰ ਖੁੱਲ੍ਹੇਆਮ ਸਵਾਲ ਕਰ ਰਹੇ ਹਨ ਕਿ ਉਨ੍ਹਾਂ ਨੇ ਕਿਸਾਨਾਂ, ਕਮਜ਼ੋਰ ਵਰਗਾਂ ਅਤੇ ਨੌਜਵਾਨਾਂ ਨਾਲ ਧੋਖਾ ਕਿਉਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪ੍ਰਚਾਰ ਕਰਨਾ ਔਖਾ ਹੋਇਆ ਪਿਆ ਹੈ ਤੇ ਉਹ ਲੋਕਾਂ ਨੂੰ ਪੂਰੇ ਨਾ ਕੀਤੇ ਵਾਅਦਿਆਂ ਤੇ ਸਰਕਾਰ ਦੀ ਅਸਫਲਤਾ ਬਾਰੇ ਸਵਾਲ ਪੁੱਛਣ ਤੋਂ ਰੋਕਣ ਵਾਸਤੇ ਬਹੁਤ ਜ਼ਿਆਦਾ ਸੁਰੱਖਿਆ ਫੋਰਸਾਂ ਦੀ ਵਰਤੋਂ ਕਰ ਰਹੇ ਹਨ।ਬਾਦਲ ਨੇ ਕਿਹਾ ਕਿ ਲੋਕਾਂ ਵਿਚ ਰੋਸ ਫੈਲਣ ਮਗਰੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਬੁਖਲਾ ਗਈ ਹੈ। ਹੁਣ ਪੈਸੇ ਦੀ ਵਰਤੋਂ ਨਾਲ ਚੋਣਾਂ ਨੂੰ ਪ੍ਰਭਾਵਿਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਮੁਤਾਬਕ ‘ਆਪ’ ਨੇ 150 ਵੱਡੇ ਰੀਅਲ ਅਸਟੇਟ ਵਪਾਰੀਆਂ ਨੂੰ ਆਪਣੇ ਚੋਣ ਪ੍ਰਚਾਰ ਵਾਸਤੇ 5-5 ਕਰੋੜ ਰੁਪਏ ਦੇਣ ਵਾਸਤੇ ਕਿਹਾ ਹੈ। ਉਨ੍ਹਾਂ ਕਿਹਾ ਕਿ ਰੀਅਲ ਅਸਟੇਟ ਡਿਵੈਲਪਰਾਂ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਪ੍ਰਾਜੈਕਟਾਂ ਵਾਸਤੇ ਸਰਕਾਰੀ ਕਲੀਅਰੈਂਸ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ ਅਤੇ ਉਨ੍ਹਾਂ ਖ਼ਿਲਾਫ਼ ਝੂਠੇ ਕੇਸ ਵੀ ਦਰਜ ਕੀਤੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਕੇਬਲ ਟੈਲੀਵਿਜ਼ਨ ਨੈੱਟਵਰਕ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।