ਪੰਜਾਬ ਦੇ ਕਿਸਾਨ ਮੁੜ ਦਿੱਲੀ ਵੱਲ ਧਾਵਾ ਬੋਲਣਗੇ। ਇਸ ਦੀ ਤਿਆਰੀ ਲਈ 18 ਕਿਸਾਨ ਜਥੇਬੰਦੀਆਂ ਤੇ ਯੂਨਾਈਟਿਡ ਕਿਸਾਨ ਮੋਰਚਾ ਦੀ ਸਾਂਝੀ ਰੈਲੀ ਅੰਮ੍ਰਿਤਸਰ ਵਿੱਚ ਕੀਤੀ ਗਈ। ਇਸ ਰੈਲੀ ਵਿੱਚ ਦਿੱਲੀ ਮੋਰਚੇ ਦੀਆਂ ਤਿਆਰੀਆਂ ਦਾ ਐਲਾਨ ਕੀਤਾ ਗਿਆ। ਜੰਡਿਆਲਾ ਗੁਰੂ ਕਿਸਾਨ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਬੱਚੇ, ਬਜ਼ੁਰਗ ਤੇ ਔਰਤਾਂ ਪੁੱਜੇ। ਸਾਰਿਆਂ ਨੇ ਸਭ ਤੋਂ ਪਹਿਲਾਂ ਸ਼ਹੀਦ ਕਿਸਾਨਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ। ਇਸ ਉਪਰੰਤ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਗਈ।
ਕਿਸਾਨ ਲੀਡਰਾਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਕਰੀਬ 13 ਮਹੀਨੇ ਜਾਰੀ ਰਿਹਾ। ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਤਾਂ ਮੰਨ ਲਈ ਪਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਸਮੇਤ ਹੋਰ ਕਈ ਮੰਗਾਂ ਲਟਕਾਈਆਂ ਰੱਖੀਆਂ।
ਕਿਸਾਨ ਲੀਡਰਾਂ ਨੇ ਕਿਹਾ ਕਿ ਸਮਾਂ ਬੀਤਣ ਦੇ ਨਾਲ ਹੀ ਕਿਸਾਨਾਂ ਦੀਆਂ ਕਈ ਹੋਰ ਮੰਗਾਂ ਜੁੜ ਗਈਆਂ ਹਨ। ਇਸ ਕਾਰਨ ਇੱਕ ਵਾਰ ਫਿਰ ਕਿਸਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਹੁਣ ਮੁੜ ਦਿੱਲੀ ਵੱਲ ਰੁਖ ਕਰਨਾ ਜ਼ਰੂਰੀ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਨੇ ਟਰੱਕ ਡਰਾਈਵਰਾਂ ਦੀ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੇ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ (Delhi) ਵੱਲ ਕੂਚ ਕੀਤਾ ਜਾਏਗਾ। ਇਸ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਲਈ ਅੱਜ ਜੰਡਿਆਲਾ ਗੁਰੂ ਵਿੱਚ ਕਿਸਾਨ ਰੈਲੀ ਕੀਤੀ ਗਈ ਤੇ 6 ਜਨਵਰੀ ਨੂੰ ਬਰਨਾਲਾ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਏਗੀ।