ਉਨ੍ਹਾਂ ਕਿਹਾ ਕਿ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ
ਕੇਂਦਰੀ ਬਜਟ 2023-24 ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜੋ ਕਿ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਬਜਟ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਮੋਦੀ ਸਰਕਾਰ ਦਾ ਸੱਤਾ ਬਚਾਓ ਬਜਟ ਹੈ।
ਨੀਲ ਗਰਗ ਨੇ ਕਿਹਾ ਕਿ ਬਜਟ ਵਿੱਚ ਨਾ ਤਾਂ ਔਰਤਾਂ ਨੂੰ ਕੁਝ ਦਿੱਤਾ ਗਿਆ ਹੈ ਅਤੇ ਨਾ ਹੀ ਗ਼ਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਲਈ ਕੋਈ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਮਹਿੰਗਾਈ ਬਹੁਤ ਵਧ ਗਈ ਹੈ ਪਰ ਇਸ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕੇ ਗਏ।
ਉਨ੍ਹਾਂ ਕਿਹਾ ਕਿ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ, ਪਰ ਉਨ੍ਹਾਂ ਦੀ ਆਮਦਨ ਵਧਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ‘ਤੇ ਇਕ ਵੀ ਸ਼ਬਦ ਨਹੀਂ ਬੋਲਿਆ ਗਿਆ, ਜਦਕਿ ਪੰਜਾਬ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਹਰਿਆਣਾ ਦੀ ਸਰਹੱਦ ‘ਤੇ ਬੈਠੇ ਹਨ। ਇਹ ਇੱਥੋਂ ਦੇ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੈ।
ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜ ਰਾਜਾਂ ਵਿੱਚ ਕਿਸਾਨ ਕ੍ਰੈਡਿਟ ਕਾਰਡ ਜਾਰੀ ਕਰਨ ਦੀ ਗੱਲ ਕੀਤੀ ਗਈ ਹੈ, ਪਰ ਇਸ ਦਾ ਆਧਾਰ ਕੀ ਹੋਵੇਗਾ ਅਤੇ ਕਿੰਨੇ ਕਿਸਾਨ ਅਤੇ ਕਿਹੜੇ ਸੂਬੇ ਇਸ ਦੇ ਦਾਇਰੇ ਵਿੱਚ ਆਉਣਗੇ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਕੇਂਦਰ ਸਰਕਾਰ ਦੇ ਇਰਾਦੇ ਕਿਸਾਨਾਂ ਅਤੇ ਮਜ਼ਦੂਰਾਂ ਪ੍ਰਤੀ ਕੀ ਹਨ।