NHAI ਨੇ ਕਿਹਾ ਕਿ ਵਾਰ-ਵਾਰ ਟੋਲ ਪਲਾਜ਼ਿਆਂ ‘ਤੇ ਕਬਜ਼ਾ ਕਰ ਕੇ ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਸਮੇਤ ਚਾਰ ਟੋਲ ਬੰਦ ਕਰਨ ਖਿਲਾਫ਼ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ 10 ਜੁਲਾਈ ਨੂੰ ਮਾਮਲੇ ਦੀ ਅਗਲੀ ਸੁਣਵਾਈ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਐੱਨਐੱਚਏਆਈ ਨੇ ਕਿਹਾ ਕਿ ਵਾਰ-ਵਾਰ ਟੋਲ ਪਲਾਜ਼ਿਆਂ ‘ਤੇ ਕਬਜ਼ਾ ਕਰ ਕੇ ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਇਸ ਧਰਨੇ ‘ਚ ਸੂਬਾ ਸਰਕਾਰ ਦੇ ਮੰਤਰੀ ਵੀ ਸ਼ਾਮਲ ਹਨ। ਇਸ ਤਰ੍ਹਾਂ ਟੋਲ ਬੰਦ ਕਰ ਕੇ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਸਗੋਂ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਐਤਵਾਰ ਦੁਪਹਿਰ ਨੂੰ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨ ਨੂੰ ਤਰਪਾਲਾਂ ਨਾਲ ਢੱਕ ਦਿੱਤਾ। ਇਸ ਦੌਰਾਨ ਇਕ ਹਜ਼ਾਰ ਤੋਂ ਵੱਧ ਕਿਸਾਨ ਇਕੱਠੇ ਹੋਏ ਸਨ। ਕਿਸਾਨ ਵਧੇ ਟੋਲ ਰੇਟਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਹੜਤਾਲ ’ਤੇ ਬੈਠੇ ਹੋਏ ਹਨ, ਜਿਸ ਕਾਰਨ ਰੋਜ਼ਾਨਾ ਹਜ਼ਾਰਾਂ ਵਾਹਨ ਬਿਨਾਂ ਟੋਲ ਟੈਕਸ ਦਿੱਤੇ ਹੀ ਲੰਘ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਟੋਲ ਟੈਕਸ ਘਟਾਇਆ ਜਾਵੇ।