ਸੂਬੇ ਦੀ ਆਰਥਿਕਤਾ ਖੇਤੀਬਾੜੀ ਤੇ ਨਿਰਭਰ ਕਰਦੀ ਹੈ।
ਸੂਬੇ ਦੀ ਆਰਥਿਕਤਾ ਖੇਤੀਬਾੜੀ ਤੇ ਨਿਰਭਰ ਕਰਦੀ ਹੈ। ਜੇਕਰ ਖੇਤੀਬਾੜੀ ਦਾ ਧੰਦਾ ਪ੍ਰਫੁੱਲਤ ਹੋਵੇਗਾ ਤਾਂ ਹੀ ਪੰਜਾਬ ਦਾ ਕਿਸਾਨ ਤਾਕਤਵਰ ਬਣੇਗਾ ਅਤੇ ਇਸ ਨਾਲ ਸਾਡਾ ਸੂਬਾ ਤਰੱਕੀ ਦੀਆਂ ਮੰਜ਼ਿਲਾਂ ਸਰ ਕਰ ਸਕੇਗਾ। ਇਹ ਵਿਚਾਰ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬੀ ਜਾਗਰਣ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹ ਪੰਜਾਬੀ ਜਾਗਰਣ ਦੇ ਵਿਹੜੇ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲਗਾਤਾਰ ਕਿਸਾਨਾਂ ਦੇ ਸੰਪਰਕ ਵਿਚ ਹੈ ਅਤੇ ਉਨਾਂ ਤੋਂ ਸੁਝਾਅ ਲੈ ਕੇ ਖੇਤੀਬਾੜੀ ਦੇ ਧੰਦੇ ਨੂੰ ਮੁੜ ਲੀਹਾਂ ’ਤੇ ਲਿਆਉਣ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਖੇਤੀਬਾੜੀ ਅਤੇ ਕਿਸਾਨੀ ਕਿੱਤੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਾਰਨ ਖੇਤੀਬਾੜੀ ਲਾਹੇਵੰਦ ਦੀ ਬਜਾਏ ਕਿਸਾਨਾਂ ਲਈ ਘਾਟੇ ਦਾ ਸੌਦਾ ਬਣਦੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਲਈ ਫਸਲੀ ਵਿਭਿੰਨਤਾ ਉੱਪਰ ਜ਼ੋਰ ਦੇ ਰਹੀ ਹੈ। ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਲਈ ਮੂੰਗੀ ਦੀ ਫਸਲ ਐਮਐਸਪੀ ’ਤੇ ਖਰੀਦ ਕੀਤੀ ਗਈ ਜਦੋਂ ਕਿ ਨਰਮੇ ਅਤੇ ਮੱਕੀ ਦੇ ਬੀਜ ਉੱਪਰ ਕਿਸਾਨਾਂ ਨੂੰ ਕਰੋੜਾਂ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਚੱਕਰਵਿਊ ਵਿੱਚੋਂ ਕੱਢਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪਾਣੀ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਕੀਤਾ ਜਾ ਰਿਹਾ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਉਤਸ਼ਾਹਿਤ ਰਾਸ਼ੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਜਥੇਦਾਰ ਖੁੱਡੀਆਂ ਨੇ ਕਿਹਾ ਕਿ ਅਸਲ ਵਿਚ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਨਕਲੀ ਕੀੜੇਮਾਰ ਦਵਾਈਆਂ ਅਤੇ ਖਾਦਾਂ ਸਿਆਸੀ ਸ਼ਹਿ ’ਤੇ ਵੇਚੀਆਂ ਗਈਆਂ ਜਿਸ ਕਾਰਨ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੀ ਨਹੀਂ ਹੋਇਆ ਸਗੋਂ ਕਿਸਾਨਾਂ ਦਾ ਲੱਕ ਟੁੱਟ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਹੈ ਤਾਂ ਨਕਲੀ ਕੀੜੇ ਮਾਰ ਦਵਾਈਆਂ ਅਤੇ ਖਾਦਾਂ ਵੇਚਣ ਵਾਲਿਆਂ ਤੇ ਸਿਕੰਜਾ ਕਸਿਆ ਗਿਆ ਜਿਸ ਕਾਰਨ ਹੁਣ ਸੂਬੇ ਅੰਦਰ ਖੇਤੀਬਾੜੀ ਨਾਲ ਸਬੰਧਤ ਮਿਆਰੀ ਸਮਾਨ ਅਤੇ ਵਧੀਆ ਕੀੜੇਮਾਰ ਦਵਾਈਆਂ ਤੇ ਖਾਦਾਂ ਮਿਲਣ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਰਾਜਸੀ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਕਿਸਾਨਾਂ ਦੀਆਂ ਨਰਮੇ ਦੀਆਂ ਜਾਂ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਭਾਵੇਂ ਗੁਲਾਬੀ ਸੁੰਡੀ ਦਾ ਨਰਮੇ ਉੱਪਰ ਹਮਲਾ ਹੋਇਆ ਪਰ ਆਪ ਸਰਕਾਰ ਦੀਆਂ ਹਦਾਇਤਾਂ ’ਤੇ ਖੇਤੀਬਾੜੀ ਵਿਭਾਗ ਨੇ ਫੀਲਡ ਵਿੱਚ ਉਤਰ ਕੇ ਗੁਲਾਬੀ ਸੁੰਡੀ ਦੇ ਹਮਲੇ ’ਤੇ ਕਾਬੂ ਪਾਇਆ, ਜਿਸ ਸਦਕਾ ਨਰਮੇ ਦੀ ਵਧੀਆ ਫਸਲ ਹੋਈ। ਉਨ੍ਹਾਂ ਕਿਹਾ ਕਿ ਕਮਾਲ ਦੀ ਗੱਲ ਤਾਂ ਇਹ ਹੈ ਕਿ ਅਜ਼ਾਦੀ ਤੋਂ ਬਾਅਦ ਹੁਣ ਤਕ ਸੂਬੇ ਕੋਲ ਆਪਣੀ ਕੋਈ ਠੋਸ ਖੇਤੀ ਨੀਤੀ ਨਹੀਂ ਹੈ, ਪਰ ਹੁਣ ਆਪ ਸਰਕਾਰ ਖੇਤੀ ਨੀਤੀ ਤਿਆਰ ਕਰ ਰਹੀ ਹੈ, ਜਿਸਦੇ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਕਾਫ਼ੀ ਮੁਸ਼ਕਿਲਾਂ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਆਪ ਸਰਕਾਰ ਕੀ ਹੈ ਕਿ ਜਿਸਨੇ ਟਿੱਬਿਆਂ ਉੱਪਰ ਪਾਣੀ ਚੜ੍ਹਾ ਦਿੱਤਾ ਜਦੋਂ ਕਿ ਇਸ ਤੋਂ ਪਹਿਲਾਂ ਕਦੀ ਵੀ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਹਵਾ ਅਤੇ ਪਾਣੀ ਨੂੰ ਪਲੀਤ ਹੋਣ ਤੋਂ ਰੋਕਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫਸਲੀ ਵਿਭਿੰਨਤਾ ਨੂੰ ਅਪਣਾਉਂਦਿਆਂ ਸਾਰੀਆਂ ਫਸਲਾਂ ਦੀ ਬਜਾਈ ਜਰੂਰ ਕਰਨ। ਇਸ ਨਾਲ ਜਿੱਥੇ ਅਸੀਂ ਫਸਲੀ ਵਿਭਿੰਨਤਾ ਵੱਲ ਵਧਾਂਗੇ ਉੱਥੇ ਹੀ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਜਥੇਦਾਰ ਖੁੱਡੀਆਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰਨਾ ਚਾਹੀਦਾ ਹੈ। ਖੇਤੀ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਖੇਤੀ ਸਹਾਇਕ ਧੰਦਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਤੋਂ ਬਾਅਦ ਕਿਸਾਨ ਸਸਤੇ ਵਿਆਜ ’ਤੇ ਕਰਜ਼ਾ ਲੈ ਕੇ ਆਪਣੇ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖੇਤੀ ਸਹਾਇਕ ਧੰਦੇ ਅਪਣਾਉਣ ਤਾਂ ਉਨ੍ਹਾਂ ਨੂੰ ਹਰ ਰੋਜ਼ ਦੀ ਆਮਦਨ ਹੋਵੇਗੀ ਜਿਸ ਕਾਰਨ ਉਨ੍ਹਾਂ ਨੂੰ ਆੜ੍ਹਤੀਆ ਜਾਂ ਕਿਸੇ ਹੋਰ ਵੱਲ ਹੱਥ ਅੱਡਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਅਤੇ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ। ਜਥੇਦਾਰ ਖੁੱਡੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਸੂਬੇ ਦੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕੇ ਜਾਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਆਰਡੀਐਫ ਸਮੇਤ ਹੋਰ ਕਈ ਤਰ੍ਹਾਂ ਦੇ ਫੰਡ ਕੇਂਦਰ ਸਰਕਾਰ ਨੇ ਰੋਕ ਰੱਖੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਸੂਬੇ ਦੀਆਂ ਸੜਕਾਂ, ਦਾਣਾ ਮੰਡੀਆਂ ਅਤੇ ਹੋਰ ਵਿਕਾਸ ਕਾਰਜ ਹੋਣੇ ਸਨ ਪਰ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦਾ ਵਿਕਾਸ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਰੋਕੇ ਹੋਏ ਪੈਸਿਆਂ ਨੂੰ ਤੁਰੰਤ ਰਿਲੀਜ਼ ਕਰੇ।