ਪੰਜਾਬ ਵਿੱਚ ਧੁੰਦ ਤੇ ਸੁੱਕੀ ਠੰਢ ਦਾ ਕਹਿਰ ਜਾਰੀ ਹੈ। ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਪਹਾੜਾਂ ‘ਤੇ ਬਰਫਬਾਰੀ ਕਾਰਨ ਸੂਬੇ ‘ਚ ਸੀਤ ਲਹਿਰ ਜਾਰੀ ਹੈ ਤੇ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਮੰਗਲਵਾਰ ਸਵੇਰੇ ਸੂਬੇ ਦੇ ਔਸਤ ਤਾਪਮਾਨ ‘ਚ ਪਿਛਲੇ ਦਿਨ ਦੇ ਮੁਕਾਬਲੇ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਇਸ ਦੇ ਨਾਲ ਹੀ ਫਰੀਦਕੋਟ 4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ। ਜਦੋਂਕਿ ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਨਵਾਂ ਸ਼ਹਿਰ ਵਿੱਚ ਸੰਘਣੀ ਧੁੰਦ ਵੇਖਣ ਨੂੰ ਮਿਲੀ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਧੁੰਦ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਲੋਕਾਂ ਨੂੰ ਸਵੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮੌਸਮ ਵਿਭਾਗ ਨੇ ਪੰਜਾਬ ਦੇ ਸ਼ਹਿਰਾਂ ਦੇ ਘੱਟੋ-ਘੱਟ ਤਾਪਮਾਨ ਦੇ ਅੰਕੜੇ ਸਾਂਝੇ ਕੀਤੇ ਹਨ, ਜਿਸ ਵਿੱਚ 9 ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਤੇ ਧਰਮਸ਼ਾਲਾ ਨਾਲੋਂ ਘੱਟ ਹੈ। ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਮੋਗਾ ਤੇ ਰੋਪੜ ਅਜਿਹੇ ਜ਼ਿਲ੍ਹੇ ਹਨ ਜਿੱਥੇ ਤਾਪਮਾਨ 4 ਤੋਂ 6 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਜਦੋਂਕਿ ਸ਼ਿਮਲਾ ਤੇ ਧਰਮਸ਼ਾਲਾ ਵਿੱਚ ਘੱਟੋ-ਘੱਟ ਤਾਪਮਾਨ 6.1 ਡਿਗਰੀ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਬੀਤੇ ਦਿਨ ਅੰਮ੍ਰਿਤਸਰ ਸਭ ਤੋਂ ਠੰਢਾ 3.6 ਡਿਗਰੀ ਰਿਹਾ। ਜਲੰਧਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਜਲੰਧਰ ਦੇ ਬਾਹਰਵਾਰ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਲੁਧਿਆਣਾ ਸ਼ਹਿਰ ਦਾ ਘੱਟੋ-ਘੱਟ ਤਾਪਮਾਨ ਬੀਤੇ ਦਿਨ ਦੇ ਮੁਕਾਬਲੇ 2.7 ਡਿਗਰੀ ਘੱਟ ਦਰਜ ਕੀਤਾ ਗਿਆ। ਮੰਗਲਵਾਰ ਸਵੇਰੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 7.1 ਡਿਗਰੀ ਰਿਹਾ।