ਪੰਜਾਬ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦਿਨ ਭਰ ਧੁੱਪ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਰਹੇਗਾ। ਉਂਝ ਮੌਸਮ ਵਿਭਾਗ ਨੇ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਢ ਵਧੇਗੀ। ਦੂਜੇ ਪਾਸੇ ਸਿਹਤ ਵਿਭਾਗ ਨੇ ਸੂਬੇ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਮਹਿਕਕੇ ਵੱਲੋਂ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋਈ। ਇਸ ਦੇ ਨਾਲ ਹੀ ਅੱਜ ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਹਵਾ ਦਾ ਮਿਆਰ ਖਰਾਬ ਹੋਣ ਕਾਰਨ ਪ੍ਰਦੂਸ਼ਨ ਵੱਧ ਰਹੇਗਾ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਮੌਸਮ ‘ਚ ਬਦਲਾਅ ਕਾਰਨ ਵਾਇਰਲ ਬੁਖਾਰ ਵੀ ਫੈਲ ਰਿਹਾ ਹੈ।
ਦੱਸ ਦਈਏ ਕਿ ਐਤਵਾਰ ਨੂੰ ਅੰਮ੍ਰਿਤਸਰ ਨੂੰ ਛੱਡ ਕੇ ਸੂਬੇ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਹੇਠਲੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਇਸ ਵਾਰ 5 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 17,403 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਇਹ ਅੰਕੜਾ ਪਿਛਲੇ ਸਾਲ ਦੀ ਇਸ ਤਾਰੀਖ ਦੇ ਮੁਕਾਬਲੇ ਘੱਟ ਹੈ। ਪਿਛਲੇ ਸਾਲ 5 ਨਵੰਬਰ ਤੱਕ 29,400 ਮਾਮਲੇ ਸਾਹਮਣੇ ਆਏ ਸਨ, ਜਦੋਂਕਿ 2021 ਵਿੱਚ 28,792 ਮਾਮਲੇ ਸਾਹਮਣੇ ਆਏ ਸਨ।