ਜੱਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਜ਼ਾਇਜ਼ ਹਨ ਜਿਹੜੀਆਂ ਪੰਜਾਬ ਤੇ ਦੇਸ਼ ਦੇ ਹਿੱਤ ਵਿੱਚ ਹਨ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋ ਦਿੱਤੇ ਮੰਗ ਪੱਤਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੇ। ਉਨ੍ਹਾਂ ਮੌਨਸੂਨ ਦੇ ਚੱਲ ਰਹੇ ਪਾਰਲੀਮੈਂਟ ਸ਼ੈਸ਼ਨਾਂ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਕਿਸਾਨਾਂ ਦੀਆਂ ਮੰਗ ਮੰਨੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ।
ਜੱਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਜ਼ਾਇਜ਼ ਹਨ ਜਿਹੜੀਆਂ ਪੰਜਾਬ ਤੇ ਦੇਸ਼ ਦੇ ਹਿੱਤ ਵਿੱਚ ਹਨ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਸਵਾ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਸਮੇਂ ਵੀ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਿਹੜੀਆਂ ਮੰਗਾਂ ਮੰਨੀਆ ਗਈਆ ਸਨ ਉਹ ਵੀ ਅਜੇ ਤੱਕ ਲਾਗੂ ਨਹੀਂ ਕੀਤੀਆਂ ਹਨ।
ਜਿਸ ਕਾਰਨ ਕਿਸਾਨ ਤੇ ਮਜ਼ਦੂਰ ਮੁੜ ਸੰਘਰਸ਼ ਕਰਨ ਦੇ ਰਾਹ ਪਏ ਹੋਏ ਹਨ। ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੜਕਾਂ ‘ਤੇ ਨਾ ਰੋਲਿਆ ਜਾਵੇ, ਸਗੋਂ ਖੇਤਾਂ ਵਿੱਚ ਕੰਮ ਕਰਨ ਦਾ ਮਾਹੌਲ ਸਿਰਜਿਆ ਜਾਵੇ, ਤਾਂ ਜੋ ਉਹ ਅਨਾਜ ਪੈਦਾ ਕਰਨ ਵੱਲ ਹੀ ਆਪਣਾ ਸਾਰਾ ਧਿਆਨ ਲਗਾਉਣ। ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਦੀ ਆਪਸੀ ਸਾਂਝ ਹੀ ਇਸ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਉਂਦੀ ਹੈ।
ਕਿਉਂਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਇਸ ਦੀ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਤੇ ਨਿਰਭਰ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ ਤੇ ਇੰਨਾ ਮੰਗਾਂ ਦੇ ਹੱਲ ਵੱਲ ਵਧੇਗੀ। ਮੰਗ ਪੱਤਰ ਦੇਣ ਵਾਲੀਆ ਜੱਥੇਬੰਦੀਆ ਵਿੱਚ ਕਿਸਾਨ ਯੂਨੀਅਨ ਪੰਜਾਬ, ਸੰਯੁਕਤ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ਕਪੂਰਥਲਾ ਅਤੇ ਹੋਰ ਸੰਘਰਸ਼ੀਲ ਜੱਥੇਬੰਦੀਆਂ ਸ਼ਾਮਲ ਸਨ।