ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਰ ਵਾਰ ਨੂੰ ਮੀਟਿੰਗ ਬੁਲਾਈ
ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਉਨ੍ਹਾਂ ਦੇ ਜਨਮ ਦਿਨ ‘ਤੇ ਲਗਾਇਆ ਜਾਵੇਗਾ। ਸੀਐਮ ਭਗਵੰਤ ਮਾਨ ਇਸ ਬੁੱਤ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਇਸ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਤ ਬਣਾਉਣ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਵੀ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਇਹ ਬੁੱਤ ਉੱਥੇ ਆਉਣ ਵਾਲੇ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਏਗਾ।
ਅੱਜ PWD ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ…
28 ਸਤੰਬਰ ਨੂੰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਹ ਸ਼ਾਨਦਾਰ ਬੁੱਤ ਲੋਕ ਸਮੱਰਪਿਤ ਕੀਤਾ ਜਾਵੇਗਾ…ਜੋ ਹਵਾਈ ਅੱਡੇ ‘ਤੇ ਆਉਣ ਜਾਣ ਵਾਲਿਆਂ ਨੂੰ pic.twitter.com/lpFMUVUYx5
— Bhagwant Mann (@BhagwantMann) September 12, 2024
2007 ਵਿੱਚ ਉੱਠੀ ਸੀ ਨਾਮਕਰਨ ਦੀ ਮੰਗ
ਮੁਹਾਲੀ ਵਿੱਚ ਬਣੇ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਰੱਖਣ ਲਈ ਲੰਮੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਸੀ। ਇਸ ਹਵਾਈ ਅੱਡੇ ਦੇ ਨਿਰਮਾਣ ਵਿੱਚ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੀ ਹਿੱਸੇਦਾਰੀ ਹੈ।
ਹਰਿਆਣਾ ਸਰਕਾਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਮੰਗਲਸੇਨ ਦੇ ਨਾਂ ‘ਤੇ ਰੱਖਣਾ ਚਾਹੁੰਦੀ ਸੀ। 2007 ਵਿੱਚ ਭਗਤ ਸਿੰਘ ਦੇ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ਤੇ ਰੱਖਣ ਦਾ ਐਲਾਨ ਕੀਤਾ ਸੀ। ਉਸ ਸਮੇਂ ਹਰਿਆਣਾ ਸਰਕਾਰ ਇਸ ਲਈ ਤਿਆਰ ਨਹੀਂ ਸੀ।
ਹਾਈਕੋਰਟ ਤੱਕ ਗਿਆ ਸੀ ਮਾਮਲਾ
ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਾਲੇ ਵਿਵਾਦ ਵਧਦੇ ਹੀ ਮਾਮਲਾ ਹਾਈ ਕੋਰਟ ਤੱਕ ਪਹੁੰਚਿਆ ਸੀ। ਹਾਈਕੋਰਟ ਨੇ ਦੋਵਾਂ ਸੂਬਿਆਂ ਨੂੰ ਮਿਲ ਬੈਠ ਕੇ ਮਾਮਲਾ ਸੁਲਝਾਉਣ ਦੇ ਨਿਰਦੇਸ਼ ਦਿੱਤੇ ਸਨ।
ਇਸ ਤੋਂ ਬਾਅਦ ਅਗਸਤ-2022 ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਰਮਿਆਨ ਚੰਡੀਗੜ੍ਹ ਵਿੱਚ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਦੋਵਾਂ ਰਾਜਾਂ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ਤੇ ਰੱਖਣ ਲਈ ਸਹਿਮਤੀ ਬਣ ਗਈ ਸੀ।