ਇਸ ਲੜਾਈ ਦੌਰਾਨ ਗੰਭੀਰ ਤੌਰ ‘ਤੇ ਫੱਟੜ ਹੋਏ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਤੇ ਬਲਾਕ ਕਲਾਨੌਰ ਦੇ ਪ੍ਰਧਾਨ ਜਤਿੰਦਰ ਸਿੰਘ ਹੈਪੀ ਨੇ ਦੱਸਿਆ ਕਿ
ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਡੇਹਰੀਵਾਲ ਕਿਰਨ ਵਿਖੇ ਮੰਗਲਵਾਰ ਰਾਤ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਰਮਿਆਨ ਹੋਏ ਝਗੜੇ ਦੌਰਾਨ ਗੋਲ਼ੀਆਂ ਚੱਲਣ ਤੋਂ ਇਲਾਵਾ ਡਾਂਗੋ-ਡਾਂਗੀ ਹੋਣ ਕਾਰਨ ਦੋਹਾਂ ਧਿਰਾਂ ਦੇ ਚਾਰ ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਗੁਰਦਾਸਪੁਰ ਦੇ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਦੋਹਾਂ ਧਿਰਾਂ ਦਰਮਿਆਨ ਹੋਈ ਲੜਾਈ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ‘ਚ ਕੈਦ ਹਨ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਕਲਾਨੌਰ ਦੇ ਐਸਐਚਓ ਮੇਜਰ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਦਰਮਿਆਨ ਹੋਈ ਲੜਾਈ ਦੌਰਾਨ ਚਾਰ ਜਣੇ ਜ਼ਖ਼ਮੀ ਹੋ ਗਏ ਤੇ ਪੁਲਿਸ ਵੱਲੋਂ ਦੋਹਾਂ ਧਿਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਤੇ ਗੋਲ਼ੀ ਚੱਲਣ ਸਬੰਧੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ।
ਇਸ ਲੜਾਈ ਦੌਰਾਨ ਗੰਭੀਰ ਤੌਰ ‘ਤੇ ਫੱਟੜ ਹੋਏ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਤੇ ਬਲਾਕ ਕਲਾਨੌਰ ਦੇ ਪ੍ਰਧਾਨ ਜਤਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਪਿੰਡ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਝਗੜੇ ਨੂੰ ਖ਼ਤਮ ਕਰਨ ਲਈ ਜਦੋਂ ਮੈਂ ਆਪਣੀ ਸਿਟੀ ਹਾਂਡਾ ਗੱਡੀ ‘ਤੇ ਉਨ੍ਹਾਂ ਕੋਲ ਗਿਆ ਤਾਂ ਜਾਂਦਿਆਂ ਹੀ ਉਨ੍ਹਾਂ ਵੱਲੋਂ ਮੇਰੇ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ ਗਿਆ।
ਗੱਡੀ ਦੀ ਬੁਰੀ ਤਰ੍ਹਾਂ ਭੰਨ-ਤੋੜ ਕਰ ਕੀਤੀ ਗਈ। ਉਸ ਨੇ ਦੱਸਿਆ ਕਿ ਜਦੋਂ ਉਸ ਨੂੰ ਬੇਰਹਿਮੀ ਨਾਲ ਮਾਰਿਆ ਜਾ ਰਿਹਾ ਸੀ ਤਾਂ ਉਸ ਦੇ ਪਰਿਵਾਰਕ ਜੀਆਂ ਨੇ ਆ ਕੇ ਉਸ ਦੀ ਜਾਨ ਬਚਾਈ। ਉਨ੍ਹਾਂ ਉੱਪਰ ਹਮਲਾ ਕਰਨ ਵਾਲੇ ਨੌਜਵਾਨਾਂ ਵੱਲੋਂ ਨਜਾਇਜ਼ ਹਥਿਆਰਾਂ ਨਾਲ ਗੋਲ਼ੀਆਂ ਚਲਾਈਆਂ ਗਈਆਂ।
ਇਸ ਮੌਕੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਨੌਜਵਾਨਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਾਲਿਆਂ ਵੱਲੋਂ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਦੋਵਾਂ ਧਿਰਾਂ ਦੇ ਦੋ ਵਿਅਕਤੀ ਗੰਭੀਰ ਫਟੱੜ ਹੋ ਗਏ ਹਨ।