ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੌਰਾਨ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਸਬੰਧੀ ਫ਼ੌਜਦਾਰੀ ਜ਼ਾਬਤਾ ਸੰਘਤਾ (ਸੀ. ਆਰ. ਪੀ. ਸੀ.) 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੱਸਿਆ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਰੂਟ ’ਚ ਆਉਣ ਵਾਲੀਆਂ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਧਾਰਮਿਕ ਮਹੱਤਤਾ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਨਗਰ ਕੀਰਤਨ ਵਾਲੇ ਰੂਟ ’ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹਣ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੇਗੀ, ਜਿਸ ਕਾਰਨ ਸੰਗਤ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਉਕਤ ਪਾਬੰਦੀ ਲੱਗੀ ਰਹੇਗੀ।