ਦਿੱਲੀ ਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰਨ ਦਾ ਸੱਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਦਿੱਲੀ ਦੀਆਂ ਪਾਰਟੀਆਂ ਲਈ ਪੰਜਾਬ ਦੀਆਂ ਹੱਦਾਂ ਸੀਲ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਾਲੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੇਸ਼ ਦੀ ਰਾਜਧਾਨੀ ਵਿੱਚ ਜਾਣ ਤੋਂ ਰੋਕਦੇ ਹਨ ਤਾਂ ਪੰਜਾਬੀਆਂ ਨੂੰ ਵੀ ਦਿੱਲੀਓਂ ਚੱਲਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਆਪਸ ਵਿੱਚ ਰਲੇ ਹੋਏ ਸਨ।ਸ਼ਨਿੱਚਰਵਾਰ ਨੂੰ ਸੁਨਾਮ ਦੀ ਨਵੀਂ ਅਨਾਜ਼ ਮੰਡੀ ਵਿੱਚ ਅਕਾਲੀ ਦਲ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਸੁਨਾਮ, ਦਿੜ੍ਹਬਾ ਅਤੇ ਲਹਿਰਾ ਵਿਧਾਨ ਸਭਾ ਹਲਕਿਆਂ ਦੀ ਰੱਖੀ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਰਾਜ ਦੌਰਾਨ ਪੰਜਾਬ ਅਤੇ ਸਿੱਖੀ ਬਚਾਉਣ ਲਈ ਉਪਰਾਲੇ ਕੀਤੇ ਗਏ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ। ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਟਿਊਬਵੈਲਾਂ ਦੇ ਕੁਨੈਕਸ਼ਨ, ਬਿਜਲੀ ਦੀ ਲੋੜ ਪੂਰੀ ਕਰਨ ਲਈ ਥਰਮਲ ਪਲਾਂਟ ਅਕਾਲੀ ਸਰਕਾਰਾਂ ਦੀ ਦੇਣ ਹਨ ਜਦਕਿ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਪਾਰਟੀਆਂ ਆਪਣੇ ਆਕਾਵਾਂ ਨੂੰ ਖੁਸ਼ ਕਰਨ ਪੰਜਾਬ ਅਤੇ ਪੰਜਾਬੀਆਂ ਦਾ ਘਾਣ ਕਰ ਰਹੀਆਂ ਹਨ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਰਦਿਆਂ ਕਿਹਾ ਕਿ ਅਨਾੜੀ ਲੋਕਾਂ ਦੇ ਹੱਥਾਂ ਵਿੱਚ ਸੂਬੇ ਦੀ ਕਮਾਨ ਆ ਜਾਣ ਤੋਂ ਬਾਅਦ ਪੰਜਾਬ ਕੰਗਾਲੀ ਦੇ ਰਾਹ ਤੁਰ ਪਿਆ। ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਪੰਜਾਬ ਸਿਰ ਕਰਜ਼ਾ ਵਧਦਾ ਜਾ ਰਿਹਾ ਹੈ। ਉਨ੍ਹਾਂ ਭਗਵੰਤ ਮਾਨ ਦੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨਾਲ ਗੂੜ੍ਹੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਭਗਵੰਤ ਮਾਨ ਭਾਜਪਾ ਦਾ ਪਿਛਲੱਗ ਬਣਕੇ ਆਪਣੀ ਅਲੱਗ ਪਾਰਟੀ ਬਣਾਏਗਾ, ਉਂਜ ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕੇਜ਼ਰੀਵਾਲ ਦਾ ਕੋਈ ਜ਼ਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਚਾਰ ਦਹਾਕੇ ਪਹਿਲਾਂ ਸਿੱਖਾਂ ਦੇ ਕੇਂਦਰੀ ਅਸਥਾਨ ਢਹਿ ਢੇਰੀ ਕਰਨ ਤੋਂ ਇਲਾਵਾ ਕੀਤੇ ਕਤਲੇਆਮ ਦਾ ਅੱਜ ਤੱਕ ਇਨਸਾਫ ਨਹੀਂ ਮਿਲਿਆ ਅਤੇ ਨਾ ਹੀ ਭਾਜਪਾ ਨੇ ਕਦੇ ਵੀ ਸਿੱਖਾਂ ਅਤੇ ਪੰਜਾਬ ਦੀ ਭਲਾਈ ਸੋਚੀ ਹੈ, ਸਗੋਂ ਪੰਜਾਬ ਤੋਂ ਬਾਹਰ ਸਿੱਖ ਸੰਸਥਾਵਾਂ ਵਿੱਚ ਕਥਿਤ ਤੌਰ ਤੇ ਘੁਸਪੈਠ ਕੀਤੀ ਜਾ ਰਹੀ ਹੈ। ਇਸ ਮੌਕੇ ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜਿੰਦਰ ਦੀਪਾ, ਗੁਲਜ਼ਾਰੀ ਮੂਣਕ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਨੂੰ ਬਚਾਉਣ ਲਈ ਆਪਣੀ ਮਾਂ ਪਾਰਟੀ ਅਕਾਲੀ ਦਲ ਨੂੰ ਤਕੜਾ ਕਰਨ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਤੇਜਾ ਸਿੰਘ ਕਮਾਲਪੁਰ, ਗੁਰਲਾਲ ਸਿੰਘ ਫ਼ਤਹਿਗੜ੍ਹ, ਗਿਆਨੀ ਨਰੰਜਨ ਸਿੰਘ ਭੁਟਾਲ, ਹਰਪਾਲ ਸਿੰਘ ਖਡਿਆਲ, ਸਮੇਤ ਹੋਰ ਆਗੂ ਹਾਜ਼ਰ ਸਨ।