ਸੁਨਾਮ ਵਿਖੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ
ਕੁੱਲ ਹਿੰਦ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਡੇਰਾ ਸਿਰਸਾ ਨਾਲ ਜੁੜੇ ਰਹੇ ਪ੍ਰਦੀਪ ਕਲੇਰ ਵੱਲੋਂ ਉਜਾਗਰ ਕੀਤੇ ਅੰਦਰਲੇ ਭੇਦ ਨੇ ਸਿੱਧ ਕਰ ਦਿੱਤਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਮਾਫ਼ੀ ਮੁਆਫ਼ੀ ਦੇਣ ਦੇ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੇ ਕਿਵੇਂ ਡਰਾਮਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਤੇ ਦਬਾਅ ਪਾ ਕੇ ਡੇਰਾ ਮੁਖੀ ਲਈ ਮਾਫ਼ੀਨਾਮਾ ਤਿਆਰ ਕੀਤਾ ਗਿਆ।
ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਸ ਸਮੇਂ ਸੂਬੇ ਅੰਦਰ ਪੰਥਕ ਅਖਵਾਉਂਦੀ ਅਕਾਲੀ ਦਲ ਦੀ ਸਰਕਾਰ ਸੀ ਤੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲ਼ੀ ਪਾਰਟੀ ਮੰਨੀ ਜਾਂਦੀ ਹੈ, ਅਕਾਲੀ ਦਲ ਦੇ ਰਾਜ ਵਿੱਚ ਇਹੋ ਜਿਹਾ ਹੋਣਾ ਬੇਹੱਦ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਸਾਜ਼ਿਸ਼ ਰਚਣ ਲਈ ਜ਼ਿੰਮੇਵਾਰ ਸੁਖਬੀਰ ਸਿੰਘ ਬਾਦਲ ਲਈ ਮਾਫ਼ੀਨਾਮਾ ਕਾਫੀ ਨਹੀਂ ਹੋਵੇਗਾ ਬਲਕਿ ਇਸ ਤੋਂ ਵੀ ਅੱਗੇ ਜੇਕਰ ਸਿੱਖ ਪੰਥ ‘ਚ ਕੋਈ ਹੋਰ ਸਜ਼ਾ ਹੈ ਤਾਂ ਉਹ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਨੂੰ ਚੱਲਦਿਆਂ ਕ਼ਰੀਬ ਨੌਂ ਸਾਲ ਬੀਤ ਗਏ ਹਨ। ਬਾਗ਼ੀ ਅਕਾਲੀਆਂ ਨੂੰ ਦੇਰੀ ਨਾਲ ਚੇਤਾ ਆਇਆ ਹੈ। ਉਨ੍ਹਾਂ ਨੂੰ ਪਹਿਲਾਂ ਬੋਲਣਾ ਚਾਹੀਦਾ ਸੀ।