ਰਾਜਪਾਲ ਨੇ ਯੂਨੀਵਰਸਿਟੀ ਦੇ ਪਾਠਕ੍ਰਮ ਵਿਚ ਖੇਤਰੀ ਭਾਸ਼ਾ ਨੂੰ ਸ਼ਾਮਲ ਕਰਨ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਕੌਮੀ ਸਿੱਖਿਆ ਨੀਤੀ (ਐੱਨਈਪੀ) 2020 ‘ਤੇ ਦੋ ਦਿਨਾ ਵਾਈਸ ਚਾਂਸਲਰ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ ਰਾਜਪਾਲ ਕਟਾਰੀਆ ਨੇ ਕਿਹਾ ਕਿ ਸਿੱਖਿਆ ਨੂੰ ਸਾਡੀਆਂ ਪੁਰਾਤਨ ਪਰੰਪਰਾਵਾਂ ਅਤੇ ਅਧੁਨਿਕ ਤਕਨੀਕੀ ਸਿੱਖਿਆ ਦਰਮਿਆਨ ਇਕਸਾਰਤਾ ਪੈਦਾ ਕਰਨੀ ਚਾਹੀਦੀ ਹੈ। ਇਹ ਪਹੁੰਚ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਆਧੁਨਿਕ ਯੋਗਤਾਵਾਂ ਵਿਚ ਨਿਪੁੰਨ ਵਿਅਕਤੀਆਂ ਨੂੰ ਉਤਸ਼ਾਹਿਤ ਕਰਦੀ ਹੈ।
ਰਾਜਪਾਲ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਪ੍ਰਣਾਲੀ ਦਾ ਸਮਰਥਨ ਕਰ ਕੇ ਆਪਣੀ ਸਿੱਖਿਆ ਦੇ ਖੇਤਰ ਵਿਚ ਆਪਣੀ ਮੋਹਰੀ ਭੂਮਿਕਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਜੋ ਵਿਅਕਤੀਗਤ ਹੁਨਰਾਂ ਦਾ ਸਨਮਾਨ ਕਰਦੀ ਹੈ, ਭਾਸ਼ਾ ਦੇ ਪਾੜੇ ਨੂੰ ਪੂਰਦੀ ਹੈ ਅਤੇ ਸੰਸਥਾਗਤ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਦੀਆਂ ਵਿਲੱਖਣ ਸਮਰੱਥਾਵਾਂ ਦਾ ਸਮਰਥਨ ਕਰਨ ਲਈ ਐੱਨਈਪੀ ਦੀ ਸਿੱਖਣ ਸਬੰਧੀ ਹੁਨਰ-ਅਧਾਰਿਤ ਪਹੁੰਚ ਨੂੰ ਲਾਗੂ ਕਰਨ ‘ਤੇ ਧਿਆਨ ਕੇਂਦਰਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਵਿਦਿਆਰਥੀਆਂ ਦੇ ਵਿਅਕਤੀਗਤ ਹੁਨਰਾਂ ਨੂੰ ਨਿਖ਼ਾਰਨਾ ਚਾਹੀਦਾ ਹੈ। ਰਾਜਪਾਲ ਨੇ ਵਿਦਿਅਕ ਸੰਸਥਾਵਾਂ ਨੂੰ ਵਿਅਕਤੀਗਤ ਪੱਧਰ ‘ਤੇ ਸਿੱਖਿਆ ਪ੍ਰਦਾਨ ਕਰਨ ਦੇ ਰਾਹ ਖੋਜਣ ਦੀ ਅਪੀਲ ਕੀਤੀ। ਰਾਜਪਾਲ ਨੇ ਯੂਨੀਵਰਸਿਟੀ ਦੇ ਪਾਠਕ੍ਰਮ ਵਿਚ ਖੇਤਰੀ ਭਾਸ਼ਾ ਨੂੰ ਸ਼ਾਮਲ ਕਰਨ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ ਜੋ ਖੇਤਰੀ-ਭਾਸ਼ਾ ਵਾਲੇ ਸਕੂਲਾਂ ਤੋਂ ਉੱਚ ਸਿੱਖਿਆ ਵੱਲ ਜਾਣ ਵਾਲੇ ਵਿਦਿਆਰਥੀਆਂ ਲਈ ਭਾਸ਼ਾ ਦੀ ਤਬਦੀਲੀ ਨੂੰ ਆਸਾਨ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਪਾਠਕ੍ਰਮ ਵਿਚ ਖੇਤਰੀ ਭਾਸ਼ਾ ਨੂੰ ਸ਼ਾਮਲ ਕਰਨ ਨਾਲ ਵਿਦਿਆਰਥੀਆਂ ਨੂੰ ਭਾਸ਼ਾ ਸਬੰਧੀ ਰੁਕਾਵਟਾਂ ਦਾ ਸਾਹਮਣਾ ਕੀਤੇ ਬਿਨਾਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ।
ਰਾਜਪਾਲ ਨੇ ਕਿਹਾ ਕਿ 2035 ਤੱਕ ਕੌਮੀ ਸਿੱਖਿਆ ਨੀਤੀ (ਐੱਨਈਪੀ) 2020 ਦੇ ਅਭਿਲਾਸ਼ੀ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਰਕਾਰੀ ਸੰਸਥਾਵਾਂ, ਵਿਦਿਅਕ ਸੰਸਥਾਵਾਂ, ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਨਿੱਜੀ ਖੇਤਰ ਸਮੇਤ ਸਾਰੇ ਭਾਈਵਾਲਾਂ ਦੇ ਇੱਕਜੁੱਟ ਅਤੇ ਸਹਿਯੋਗੀ ਯਤਨਾਂ ਦੀ ਲੋੜ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਨਈਪੀ ਦੇ ਉਦੇਸ਼ਾਂ ਨਾਲ ਮੇਲ ਖਾਂਦੇ ਵਿਦਿਅਕ ਸੁਧਾਰਾਂ ਵਿਚ ਪੰਜਾਬ ਦੀ ਪ੍ਰਗਤੀ, ਬੁਨਿਆਦੀ ਢਾਂਚੇ ਵਿਚ ਸੁਧਾਰ, ਅਧਿਆਪਕਾਂ ਦੀ ਸਿਖਲਾਈ ਵਿਚ ਵਾਧਾ ਅਤੇ ਵਿਦਿਆਰਥੀਆਂ ਦੀਆਂ ਵੱਧ ਰਹੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ 100 ਫੀਸਦੀ ਪਲੇਸਮੈਂਟ ਟੀਚਿਆਂ ਦੇ ਨਾਲ ਖੋਜ ਅਤੇ ਰੋਜ਼ਗਾਰ ਆਧਾਰਿਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਸਾਬਕਾ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼ ਨੇ ਭਾਰਤੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਗਲੋਬਲ ਭਾਈਵਾਲੀ ਅਤੇ ਖੋਜ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉੱਚ ਸਿੱਖਿਆ ਦੇ ਅੰਤਰਰਾਸ਼ਟਰੀਕਰਨ ਬਾਰੇ ਗੱਲ ਕੀਤੀ। ਉਦਘਾਟਨੀ ਸੈਸ਼ਨ ਤੋਂ ਬਾਅਦ, ਪੰਜਾਬ ਭਰ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦੇ ਮਾਹਿਰਾਂ ਅਤੇ ਵਾਈਸ ਚਾਂਸਲਰ ਅਤੇ ਡਾਇਰੈਕਟਰਾਂ ਨਾਲ ਇੱਕ ਗੋਲ-ਮੇਜ਼ ਚਰਚਾ ਵੀ ਕੀਤੀ ਗਈ।