ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਛੇਤੀ ਹੀ ਕਰਵਾਈਆਂ ਜਾਣਗੀਆਂ ਅਤੇ ਇਹ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨਾਂ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਦੂਰ ਹੋਵੇਗੀ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਜਨਤਕ ਹਿੱਤਾਂ ਲਈ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਤੋਂ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਪਿੰਡ ਨੂੰ 5 ਲੱਖ ਰੁਪਏ ਦੀ ਗ੍ਰਾਂਟ ਤੋਂ ਇਲਾਵਾ ਸਟੇਡੀਅਮ ਜਾਂ ਸਕੂਲ ਜਾਂ ਹਸਪਤਾਲ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੈਟ ਦੇ ਲਟਕਦੇ ਕੇਸਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਨੂੰ ਸਫ਼ਲਤਾ ਪੂਰਵਕ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਓ.ਟੀ.ਐਸ. ਰਾਹੀਂ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਸਰਕਾਰ ਨੇ 164 ਕਰੋੜ ਰੁਪਏ ਤੋਂ ਵੱਧ ਕਮਾਏ ਹਨ।
ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਵੀ ਨਵੀਂ ਓ.ਟੀ.ਐਸ. ਲਿਆਂਦੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੀਆਂ ਯਕਮੁਸ਼ਤ ਨਿਬੇੜਾ ਸਕੀਮਾਂ ਸਿਰਫ਼ ਛਲਾਵਾ ਹੁੰਦੀਆਂ ਸਨ ਕਿਉਂਕਿ ਇਨ੍ਹਾਂ ਦਾ ਕਿਸੇ ਨੂੰ ਕੋਈ ਲਾਭ ਨਹੀਂ ਮਿਲਦਾ ਸੀ।
ਮੁੱਖ ਮੰਤਰੀ ਨੇ ‘ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ’ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਪਹਿਲਕਦਮੀ ਹੈ ਜੋ ਸੂਬੇ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਹੋਰ ਯਕੀਨੀ ਬਣਾਉਣ ਲਈ ਰਾਹ ਪੱਧਰਾ ਕਰੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿੱਲ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਔਰਤਾਂ ਦੇਸ਼ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣ ਸਕਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਫਾਇਰ ਬ੍ਰਿਗੇਡ ਸਟਾਫ਼ ਵਿੱਚ ਔਰਤਾਂ ਦੀ ਭਰਤੀ ਕਰਨ ਲਈ ਸਰੀਰਕ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੀ ਕੋਈ ਪ੍ਰਵਾਹ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਫਾਇਰ ਬ੍ਰਿਗੇਡ ਸਟਾਫ਼ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਧਾਰ ਸਮੇਂ ਦੀ ਲੋੜ ਹੈ ਕਿਉਂਕਿ ਸਕਾਈ ਸਕਰੈਪਰਾਂ ਅਤੇ ਭੀੜ-ਭੜੱਕੇ ਵਾਲੀਆਂ ਸੜਕਾਂ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਨੂੰ ਆਧੁਨਿਕ ਕਿਸਮ ਦੇ ਵਾਹਨ ਮੁਹੱਈਆ ਕਰਵਾਏ ਜਾਣੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਦੀ ਭਲਾਈ ਲਈ ਆਪਣੇ ਕੰਮਕਾਜ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਵਿਧਾਇਕ ਸੰਦੀਪ ਜਾਖੜ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਅੰਕਲ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੂੰ ਕੋਈ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਤਸਦੀਕ ਕਰ ਲੈਣ ਲਈ ਆਖਣ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਡਾ ਕੋਲ ਇਹ ਮੁੱਦਾ ਚੁੱਕਣ ਮਗਰੋਂ ਸੂਬੇ ਵਿੱਚ ਡੀ.ਏ.ਪੀ. ਖ਼ਾਦ ਦੀ ਸਪਲਾਈ ਸ਼ੁਰੂ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਭਾਜਪਾ ਆਗੂ ਬੇਬੁਨਿਆਦ, ਗ਼ੈਰ-ਜ਼ਿੰਮੇਵਾਰਾਨਾ ਤੇ ਤਰਕਹੀਣ ਬਿਆਨ ਦੇ ਰਹੇ ਹਨ, ਜਿਹੜੇ ਗ਼ੈਰ-ਵਾਜਬ ਤੇ ਬੇਲੋੜੇ ਹਨ।